ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਯਾਨੀ 6 ਅਕਤੂਬਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੈਕਟਰ 2, ਚੰਡੀਗੜ੍ਹ ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫਿਸ ‘ਤੇ ਛਾਪਾ ਮਾਰਿਆ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ ਸੀਬੀਆਈ ਦੀਆਂ ਟੀਮਾਂ ਮੋਹਾਲੀ ਅਤੇ ਸੰਗਰੂਰ ਵੀ ਪਹੁੰਚੀਆਂ। ਛਾਪਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਸੀ.ਬੀ.ਆਈ. ਨੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮਕਾਨ ਨੰਬਰ 50 ‘ਤੇ ਮਾਰਿਆ ਹੈ।
ਸੀਬੀਆਈ ਨੇ ਦਿੱਤੀ ਜਾਣਕਾਰੀ
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਈ.ਡੀ. (ED) ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ‘ਤੇ, ਸੀ.ਬੀ.ਆਈ. (CBI) ਨੇ ਪੰਜਾਬ ਦੇ ਮੁੱਖ ਮੰਤਰੀ (CM) ਦੇ ਓ.ਐਸ.ਡੀ. (OSD) ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਲਈ ਇੱਕ ਐਫ.ਆਈ.ਆਰ. (FIR) ਦਰਜ ਕੀਤੀ ਹੈ। ਇਹ ਇਲਜ਼ਾਮ ਵਿੱਤੀ ਲਾਭਾਂ ਬਦਲੇ ਅਧਿਕਾਰੀਆਂ (ਜਿਵੇਂ ਕਿ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ) ਦੀਆਂ ਤਾਇਨਾਤੀਆਂ ਨੂੰ ਪ੍ਰਭਾਵਿਤ ਕਰਨ ਅਤੇ ਹੇਰਾਫੇਰੀ ਕਰਨ, ਵਿਭਾਗੀ ਕਾਰਵਾਈਆਂ, ਨੀਤੀ ਘੜਨ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਦੀਆਂ ਸ਼ਰਤਾਂ, ਲਾਇਸੈਂਸਿੰਗ ਮਾਮਲਿਆਂ, ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (Land Use conversion), ਜਾਇਦਾਦ ਦੇ ਝਗੜਿਆਂ ਅਤੇ ਮਾਲੀਆ ਤੇ ਜ਼ਮੀਨ ਨਾਲ ਸਬੰਧਤ ਮੁੱਦਿਆਂ ਵਿੱਚ ਦਖਲਅੰਦਾਜ਼ੀ ਕਰਨ ਨਾਲ ਸਬੰਧਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਲਿਖਿਆ “ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ..”

