Punjab Weather Update: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਖਾਸ ਕਰਕੇ ਹੁਸ਼ਿਆਰਪੁਰ ਦੇ ਦਸੂਹਾ ਅਤੇ ਮੁਕੇਰੀਆਂ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਦੇ ਨਾਲ ਗੜ੍ਹੇਮਾਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਅਚਾਨਕ ਬਦਲੇ ਮੌਸਮ ਦਾ ਅਸਰ ਹੁਣ ਝੋਨੇ ਦੀ ਕਟਾਈ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਫ਼ਸਲ ’ਤੇ ਪੈਣ ਦਾ ਖਦਸ਼ਾ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਬਾਰਿਸ਼ ਅਤੇ ਗੜ੍ਹੇਮਾਰੀ ਦਾ ਦੌਰ ਜਾਰੀ ਰਿਹਾ ਤਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿੱਚ ਪਈ ਫ਼ਸਲ ਵੀ ਪ੍ਰਭਾਵਿਤ ਹੋ ਸਕਦੀ ਹੈ।
12 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
8 ਅਕਤੂਬਰ ਨੂੰ 13 ਜ਼ਿਲ੍ਹਿਆਂ ‘ਚ ਅਲਰਟ
8 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ।
9 ਅਕਤੂਬਰ ਨੂੰ ਵੀ ਬਾਰਿਸ਼ ਦੀ ਸੰਭਾਵਨਾ
9 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਹੈ।ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
10 ਅਕਤੂਬਰ ਨੂੰ ਅਲਰਟ ਨਹੀਂ, ਪਰ ਬਾਰਿਸ਼ ਦੀ ਸੰਭਾਵਨਾ
10 ਅਕਤੂਬਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹਿ ਸਕਦੀ ਹੈ।
ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਦੀ ਵਧੀ ਚਿੰਤਾ
ਝੋਨੇ ਦੀ ਕਟਾਈ ਅਤੇ ਮੰਡੀਆਂ ਵਿੱਚ ਫ਼ਸਲ ਦੀ ਆਮਦ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਮੌਸਮ ਵਿੱਚ ਆਈ ਤਬਦੀਲੀ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣ ਗਈ ਹੈ। ਬਾਰਿਸ਼ ਕਾਰਨ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦੇ ਨਾਲ ਮੰਡੀਆਂ ਵਿੱਚ ਪਹੁੰਚੀ ਫ਼ਸਲ ਦੇ ਗਿੱਲੀ ਹੋਣ ਦਾ ਵੀ ਖਦਸ਼ਾ ਹੈ।
ਕਿਸਾਨਾਂ ਨੂੰ ਹੁਣ ਫ਼ਸਲ ਦੀ ਕਟਾਈ, ਢੋਆ-ਢੁਆਈ ਅਤੇ ਮੰਡੀਆਂ ਵਿੱਚ ਸੰਭਾਲ ਦੌਰਾਨ ਵਧੇਰੇ ਸਾਵਧਾਨੀ ਵਰਤਣੀ ਪਵੇਗੀ। ਮੌਸਮ ਵਿਭਾਗ ਦੀਆਂ ਤਾਜ਼ਾ ਅਪਡੇਟਾਂ ’ਤੇ ਨਜ਼ਰ ਰੱਖਣਾ ਵੀ ਜ਼ਰੂਰੀ ਹੈ, ਕਿਉਂਕਿ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆ ਸਕਦਾ ਹੈ।
