16 ਅਕਤੂਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਕਿਹਾ ਕਿ ਉਹ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਟਿੱਪਣੀਆਂ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬ ਅੱਗੇ ਲਿਖਤੀ ਰੂਪ ਵਿੱਚ ਮੁਆਫ਼ੀਨਾਮਾ ਵੀ ਸੌਂਪਿਆ।
ਕੀ ਹੈ ਪੂਰਾ ਮਾਮਲਾ?
ਦਰਅਸਲ, 12 ਅਕਤੂਬਰ 2026 ਨੂੰ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਬਿਆਨ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਗਿਆਸਪੁਰਾ ਦੇ ਬਿਆਨਾਂ ਵਿੱਚ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਖ਼ਸੀਅਤਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਸਥਿਤੀ ਸਪੱਸ਼ਟ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ।
‘ਆਪ’ ਵਿਧਾਇਕਾਂ ਨੇ ਮੰਨੀ ਗਲਤੀ, ਲਿਖਤੀ ਮੁਆਫ਼ੀਨਾਮਾ ਸੌਂਪਿਆ
16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਵਿਧਾਇਕਾਂ ਅਤੇ ਆਗੂਆਂ ਨੇ ਮੰਨਿਆ ਕਿ ਉਨ੍ਹਾਂ ਨੇ 12 ਅਕਤੂਬਰ ਨੂੰ ਮੀਡੀਆ ਸਾਹਮਣੇ ਜਾ ਕੇ ਗਿਆਸਪੁਰਾ ਦੇ ਬਿਆਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਸੀ।ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਉਨ੍ਹਾਂ ਨੇ ਉਸ ਸਮੇਂ ਮੀਡੀਆ ਵਿੱਚ ਜਾ ਕੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਅਤੇ ਉਹ ਗਿਆਸਪੁਰਾ ਦੀਆਂ ਟਿੱਪਣੀਆਂ ਨਾਲ ਸਹਿਮਤ ਨਹੀਂ ਹਨ।ਇਸ ਮਗਰੋਂ ਆਗੂਆਂ ਨੇ ਆਪਣੀ ਗਲਤੀ ਲਈ ਖਿਮਾ ਯਾਚਨਾ ਕੀਤੀ ਅਤੇ ਲਿਖਤੀ ਮੁਆਫ਼ੀਨਾਮਾ ਸੌਂਪਿਆ।
ਪੇਸ਼ੀ ਦੌਰਾਨ ‘ਆਪ’ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਕਿਸੇ ਵੀ ਵਿਅਕਤੀ ਨੂੰ ਜਾਤ-ਪਾਤ, ਨਸਲ ਜਾਂ ਰੰਗ ਦੇ ਆਧਾਰ ’ਤੇ ਨਹੀਂ ਰੋਕਿਆ ਜਾਂਦਾ।ਉਨ੍ਹਾਂ ਕਿਹਾ ਕਿ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਦਿੱਤੇ ਗਏ ਬਿਆਨ ਉਨ੍ਹਾਂ ਦੇ ਨਿੱਜੀ ਵਿਚਾਰ ਹੋ ਸਕਦੇ ਹਨ, ਪਰ ਉਹ ਇਨ੍ਹਾਂ ਵਿਚਾਰਾਂ ਨਾਲ ਸਹਿਮਤ ਨਹੀਂ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ‘ਆਪ’ ਆਗੂਆਂ ਨੇ ਮੀਡੀਆ ਸਾਹਮਣੇ ਵੀ ਗਿਆਸਪੁਰਾ ਦੇ ਬਿਆਨਾਂ ਦਾ ਖੰਡਨ ਕੀਤਾ ਅਤੇ ਆਪਣਾ ਪੱਖ ਰੱਖਿਆ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀ ਕਿਹਾ?
ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਆਪ’ ਵਿਧਾਇਕਾਂ ਅਤੇ ਆਗੂਆਂ ਨੂੰ ਮੁੜ ਹਦਾਇਤ ਕੀਤੀ ਕਿ ਉਹ ਮੀਡੀਆ ਸਾਹਮਣੇ ਜਾ ਕੇ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਦਿੱਤੀਆਂ ਇਤਰਾਜ਼ਯੋਗ ਟਿੱਪਣੀਆਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ।ਇਸ ਤੋਂ ਬਾਅਦ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਸਪੁਰਾ ਦੇ ਬਿਆਨਾਂ ਤੋਂ ਦੂਰੀ ਬਣਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।
ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਆਪ’ ਆਗੂਆਂ ਵੱਲੋਂ ਮੁਆਫ਼ੀ ਮੰਗਣ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਦੇ ਬਿਆਨਾਂ ਤੋਂ ਕਿਨਾਰਾ ਕਰਨ ਮਗਰੋਂ ਇਹ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਹੁੰਦੀ ਹੈ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਇਸ ਪੂਰੇ ਵਿਵਾਦ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ।
