31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ
ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਅਤੇ ਚਿੱਟੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਬਾਰੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਟੋਲ-ਫ੍ਰੀ ਨੰਬਰ ’ਤੇ ਜਾਣਕਾਰੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਭਰਾ, ਪਤੀ ਜਾਂ ਪੁੱਤਰ ਗੁਆਏ ਹਨ, ਉਨ੍ਹਾਂ ਦੇ ਦੁੱਖ ਦਾ ਸਰਕਾਰ ਕੋਲ ਕੀ ਜਵਾਬ ਹੈ।ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹੀਨਿਆਂ ਵਿੱਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਰਕਰਾਰ ਹੈ। ਸ਼ਾਹ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨਾਲ ਨਿੱਜੀ ਵਿਵਾਦ ਕਰਨਾ ਨਹੀਂ, ਸਗੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਦਾ ਖ਼ਾਤਮਾ ਕਰਨਾ ਹੈ।
ਨਸ਼ਾ ਤਸਕਰੀ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਲਾਏ ਦੋਸ਼
ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ 20,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਗਏ ਹਨ।ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ ਤਾਂ ਇਸ ਪਿੱਛੇ ਕਿਹੜੇ ਲੋਕ ਹਨ ਅਤੇ ਕੀ ਅਜਿਹਾ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਹੈ। ਉਨ੍ਹਾਂ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਅਤੇ ਸਿਆਸੀ ਆਗੂਆਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ।
PIT-NDPS ਐਕਟ ਅਤੇ NCORD ਮੀਟਿੰਗਾਂ ਦਾ ਮੁੱਦਾ ਚੁੱਕਿਆ
ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਰੋਕਣ ਲਈ ਲਾਗੂ ਕਾਨੂੰਨਾਂ ਅਤੇ ਪ੍ਰਸ਼ਾਸਨਿਕ ਤਾਲਮੇਲ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ PIT-NDPS ਐਕਟ ਤਹਿਤ 929 ਮਾਮਲਿਆਂ ਵਿੱਚ ਕਾਰਵਾਈ ਹੋਈ, ਜਦਕਿ ਉਨ੍ਹਾਂ ਦੇ ਦਾਅਵੇ ਅਨੁਸਾਰ ਪੰਜਾਬ ਵਿੱਚ ਇਸ ਐਕਟ ਤਹਿਤ ਕਿਸੇ ਨੂੰ ਵੀ ਹਿਰਾਸਤ ਵਿੱਚ ਨਹੀਂ ਲਿਆ ਗਿਆ।ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਨਾਰਕੋ-ਕੋਆਰਡੀਨੇਸ਼ਨ ਸੈਂਟਰ (NCORD) ਦੀ ਇੱਕ ਵੀ ਮੀਟਿੰਗ ਨਹੀਂ ਹੋਈ, ਜਦਕਿ ਹੋਰ ਸੂਬਿਆਂ ਵਿੱਚ ਅਜਿਹੀਆਂ 48 ਤੋਂ ਵੱਧ ਮੀਟਿੰਗਾਂ ਹੋਈਆਂ ਹਨ।
ਝੋਟਾ ਮਾਮਲੇ ਸਮੇਤ ਹੋਰ ਕੇਸਾਂ ਦੀ CBI ਜਾਂਚ ਦੀ ਮੰਗ
ਪਰਵਿੰਦਰ ਸਿੰਘ ਝੋਟਾ ਮਾਮਲੇ ਦੀ CBI ਜਾਂਚ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਅਤੇ ਬਿਕਰਮ ਸਿੰਘ ਨਾਲ ਜੁੜੇ ਮਾਮਲਿਆਂ ਦੀ ਜਾਂਚ ਵੀ CBI ਨੂੰ ਸੌਂਪੀ ਜਾਵੇ। ਸ਼ਾਹ ਨੇ ਕਿਹਾ ਕਿ ਦੋਸ਼ੀ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
ਦੁਸਹਿਰੇ ਦੇ ਸਮਾਗਮ ਵਿੱਚ ਭਾਜਪਾ ਆਗੂ ਵੀ ਰਹੇ ਮੌਜੂਦ
ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਆਗੂਆਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਨ੍ਹਾਂ ਵਿੱਚ ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ, ਸੁਨੀਲ ਜਾਖੜ, ਅਨਿਲ ਸਰੀਨ, ਵਿਨੀਤ ਜੋਸ਼ੀ ਅਤੇ ਹੋਰ ਆਗੂ ਸ਼ਾਮਲ ਸਨ।
ਅਮਿਤ ਸ਼ਾਹ ਨੇ ਆਪਣੇ ਸੰਬੋਧਨ ਵਿੱਚ ਮੁੜ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਕੇਂਦਰ ਸਰਕਾਰ ਦਾ ਟੀਚਾ ਹੈ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦੇ ਨਾਲ-ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਦਮ ਚੁੱਕੇ ਜਾਣਗੇ।
