ਦੋਵਾਂ ਆਗੂਆਂ ਦੇ ਇਸ ਕਦਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅਸਤੀਫ਼ੇ ਦੇ ਪਿੱਛੇ ਕੀ ਕਾਰਨ ਹਨ ਅਤੇ ਦੋਵੇਂ ਆਗੂ ਅੱਗੇ ਕਿਹੜੀ ਸਿਆਸੀ ਰਣਨੀਤੀ ਅਪਣਾਉਣਗੇ, ਇਸ ਬਾਰੇ ਹਾਲੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਹਰਮੀਤ ਸਿੰਘ ਪਠਾਣਮਾਜਰਾ ਨੇ ਪੱਤਰ ਰਾਹੀਂ ਦਿੱਤਾ ਅਸਤੀਫ਼ਾ
ਸਾਹਮਣੇ ਆਈ ਜਾਣਕਾਰੀ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਪੱਤਰ ਵਿੱਚ ਤੁਰੰਤ ਪ੍ਰਭਾਵ ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਲਿਖੀ ਹੈ। ਜ਼ਿਕਰਯੋਗ ਹੈ ਕਿ ਇਹ ਅਸਤੀਫ਼ਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਨਾਲ ਸਬੰਧਤ ਹੈ, ਨਾ ਕਿ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ।
ਕੌਣ ਹਨ ਹਰਮੀਤ ਸਿੰਘ ਪਠਾਣਮਾਜਰਾ?
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ 49,122 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
ਪਠਾਣਮਾਜਰਾ ਦਾ ਸਨੌਰ ਅਤੇ ਆਲੇ-ਦੁਆਲੇ ਦੇ ਪੇਂਡੂ ਇਲਾਕਿਆਂ ਵਿੱਚ ਸਿਆਸੀ ਪ੍ਰਭਾਵ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ 1994 ਵਿੱਚ ਅਕਾਲੀ ਦਲ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ, ਕਾਂਗਰਸ ਅਤੇ ਪੰਜਾਬ ਏਕਤਾ ਪਾਰਟੀ ਨਾਲ ਵੀ ਜੁੜੇ ਰਹੇ। ਸਾਲ 2020 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਵਿਵਾਦਾਂ ਕਾਰਨ ਵੀ ਚਰਚਾ ਵਿੱਚ ਰਹੇ ਪਠਾਣਮਾਜਰਾ
ਹਰਮੀਤ ਸਿੰਘ ਪਠਾਣਮਾਜਰਾ ਪੰਜਾਬ ਵਿੱਚ ਹੜ੍ਹਾਂ ਦੌਰਾਨ ਪ੍ਰਬੰਧਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਦੀ ਆਲੋਚਨਾ ਕਰਨ ਕਾਰਨ ਸੁਰਖੀਆਂ ਵਿੱਚ ਆਏ ਸਨ।ਇਸ ਤੋਂ ਇਲਾਵਾ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਵਰਗੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਸੀ।
AAP ਨੇ ਜਾਰੀ ਕੀਤੀ 40 ਉਮੀਦਵਾਰਾਂ ਦੀ ਪਹਿਲੀ ਸੂਚੀ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।
ਦਿੱਲੀ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿੱਚ ਕਿਸੇ ਵੀ ਕੈਬਨਿਟ ਮੰਤਰੀ ਦਾ ਨਾਮ ਸ਼ਾਮਲ ਨਹੀਂ ਹੈ।ਹੁਣ ਦੋਵਾਂ ਆਗੂਆਂ ਦੇ ਅਸਤੀਫ਼ਿਆਂ ਦੀ ਖ਼ਬਰ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਹੋਰ ਕੀ ਜਾਣਕਾਰੀ ਸਾਹਮਣੇ ਆਉਂਦੀ ਹੈ ਅਤੇ ਪਾਰਟੀ ਵੱਲੋਂ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਸ ‘ਤੇ ਸਭ ਦੀ ਨਜ਼ਰ ਰਹੇਗੀ।
