ਪੰਜਾਬ ਵਿੱਚ NDA ਦੀ ਸਰਕਾਰ ਬਣਾਉਣ ਦਾ ਦਾਅਵਾ
ਅਮਿਤ ਸ਼ਾਹ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬ ਦਾ ਜ਼ਿਕਰ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸੂਬੇ ਵਿੱਚ NDA ਦੀ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਅਤੇ ‘ਜੈ ਸ੍ਰੀ ਰਾਮ’ ਦੇ ਜੈਕਾਰੇ ਵੀ ਲਗਵਾਏ।ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਵਿੱਚ ਭਾਜਪਾ ਦੀਆਂ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ
ਆਪਣੇ ਸੰਬੋਧਨ ਦੌਰਾਨ ਅਮਿਤ ਸ਼ਾਹ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਇਸ ਘਟਨਾ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਵਿਵਾਦਿਤ ਬਿਆਨ ‘ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ’ ਦਾ ਜ਼ਿਕਰ ਕੀਤਾ।ਸ਼ਾਹ ਨੇ 1 ਨਵੰਬਰ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਕਾਂਗਰਸ ਦੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਵਿੱਚ ਕਾਂਗਰਸ ਦੀ ਰੈਲੀ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਵੀ ਸਵਾਲ ਚੁੱਕੇ।
31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਬੋਲਦਿਆਂ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਮੁਤਾਬਕ ਨਸ਼ਿਆਂ ਵਿਰੁੱਧ ਲੜਾਈ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਧਾਰਾ 370 ਹਟਾਉਣ, ਨਕਸਲਵਾਦ ਵਿਰੁੱਧ ਕਾਰਵਾਈ ਅਤੇ ਤਿੰਨ ਤਲਾਕ ਵਰਗੇ ਮੁੱਦਿਆਂ ‘ਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।
ਕੀ NDA ਵਿੱਚ ਵਾਪਸੀ ਕਰੇਗਾ ਅਕਾਲੀ ਦਲ?
ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਸਿਆਸੀ ਗੱਠਜੋੜ ਵਿੱਚ ਰਹੇ ਸਨ।ਸਾਲ 2020 ਵਿੱਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ NDA ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਸੀ।
ਹਾਲਾਂਕਿ, ਅਮਿਤ ਸ਼ਾਹ ਨੇ ਆਪਣੇ ਸੰਬੋਧਨ ਵਿੱਚ ਅਕਾਲੀ ਦਲ ਦੀ NDA ਵਿੱਚ ਵਾਪਸੀ ਬਾਰੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਵਿੱਚ ਕਿਹੜੇ ਨਵੇਂ ਸਿਆਸੀ ਸਮੀਕਰਨ ਬਣਦੇ ਹਨ।
