ਭੀਮ ਸਿੰਘ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਰਾਹੁਲ ਗਾਂਧੀ ਜਾਂ ਗਾਂਧੀ ਪਰਿਵਾਰ ਦਾ ਕੋਈ ਮੈਂਬਰ ਧਰਨੇ ਦੇ ਨੇੜੇ ਪਹੁੰਚਦਾ ਹੈ ਤਾਂ ਇਸ ਦੇ ਪੰਥਕ ਪੱਧਰ ‘ਤੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ।
ਮਾਨਸਾ ਦੌਰੇ ਦੀਆਂ ਚਰਚਾਵਾਂ ਵਿਚਾਲੇ ਆਇਆ ਬਿਆਨ
ਦਰਅਸਲ, ਸਿਆਸੀ ਹਲਕਿਆਂ ਵਿੱਚ ਚਰਚਾ ਸੀ ਕਿ ਰਾਹੁਲ ਗਾਂਧੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਲਈ ਮਾਨਸਾ ਪਹੁੰਚ ਸਕਦੇ ਹਨ। ਇਨ੍ਹਾਂ ਚਰਚਾਵਾਂ ਤੋਂ ਬਾਅਦ ਭੀਮ ਸਿੰਘ ਨੇ ਸੋਮਵਾਰ ਨੂੰ ਮੋਰਚੇ ਨੂੰ ਸੰਬੋਧਨ ਕਰਦਿਆਂ ਆਪਣਾ ਸਖ਼ਤ ਰੁਖ਼ ਸਪੱਸ਼ਟ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਹੁਲ ਗਾਂਧੀ ਜਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨਾਲ ਕੋਈ ਨਿੱਜੀ ਵੈਰ-ਵਿਰੋਧ ਨਹੀਂ ਹੈ, ਪਰ ਉਹ ਨਹੀਂ ਚਾਹੁੰਦੇ ਕਿ ਇਨ੍ਹਾਂ ਪਰਿਵਾਰਾਂ ਦਾ ਕੋਈ ਵੀ ਮੈਂਬਰ ਧਰਨੇ ਵਾਲੀ ਥਾਂ ‘ਤੇ ਪਹੁੰਚੇ।
ਰਵਨੀਤ ਸਿੰਘ ਬਿੱਟੂ ਨੂੰ ਵੀ ਕਰ ਚੁੱਕੇ ਹਨ ਅਪੀਲ
ਭੀਮ ਸਿੰਘ ਇਸ ਤੋਂ ਪਹਿਲਾਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਜਨਤਕ ਤੌਰ ‘ਤੇ ਧਰਨੇ ਵਾਲੀ ਥਾਂ ‘ਤੇ ਨਾ ਆਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਪੰਥਕ ਅਤੇ ਧਾਰਮਿਕ ਭਾਵਨਾਵਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।
ਪੰਥਕ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦਿੱਤਾ ਹਵਾਲਾ
ਭੀਮ ਸਿੰਘ ਨੇ ਆਪਣੇ ਬਿਆਨ ਵਿੱਚ ਸਿੱਖ ਪੰਥ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਅਕਾਲੀ ਬਾਬਾ ਫੂਲਾ ਸਿੰਘ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਗਾਂਧੀ ਪਰਿਵਾਰ ਜਾਂ ਮਰਹੂਮ ਬੇਅੰਤ ਸਿੰਘ ਦੇ ਪਰਿਵਾਰ ਦਾ ਕੋਈ ਮੈਂਬਰ ਧਰਨੇ ਦੇ ਨੇੜੇ ਆਉਂਦਾ ਹੈ ਤਾਂ ਇਸ ਨਾਲ ਪੰਥਕ ਪੱਧਰ ‘ਤੇ ਵਿਵਾਦ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ਪੰਥ ਵਿੱਚੋਂ ਛੇਕੇ ਜਾਣ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੀ ਸੰਭਾਵਨਾ ਦਾ ਵੀ ਹਵਾਲਾ ਦਿੱਤਾ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਦੇ ਨਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
13 ਅਕਤੂਬਰ ਨੂੰ ਹੋਇਆ ਸੀ ਪਰਵਿੰਦਰ ਸਿੰਘ ਝੋਟਾ ਦਾ ਕਤਲ
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਇੱਕ ਕੈਮਿਸਟ ਵੱਲੋਂ ਕਥਿਤ ਤੌਰ ‘ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਮੋਰਚਾ ਲਗਾਇਆ ਗਿਆ।ਪਰਿਵਾਰ ਦੀ ਮੰਗ ਤੋਂ ਬਾਅਦ ਮਾਮਲੇ ਦੀ ਜਾਂਚ ਸੀਬੀਆਈ (CBI) ਨੂੰ ਸੌਂਪ ਦਿੱਤੀ ਗਈ ਹੈ। ਹਾਲਾਂਕਿ, ਪਰਿਵਾਰ ਅਜੇ ਵੀ ਆਪਣੀਆਂ ਮੰਗਾਂ ‘ਤੇ ਅੜਿਆ ਹੋਇਆ ਹੈ। ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਪਰਿਵਾਰ ਦੇ ਵਿਰੋਧ ਕਾਰਨ ਹੁਣ ਤੱਕ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਵੀ ਨਹੀਂ ਹੋ ਸਕਿਆ ਹੈ ਅਤੇ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ।ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਰਾਹੁਲ ਗਾਂਧੀ ਮਾਨਸਾ ਪਹੁੰਚਣਗੇ ਜਾਂ ਨਹੀਂ ਅਤੇ ਝੋਟਾ ਦੇ ਪਰਿਵਾਰ ਦੀ ਚਿਤਾਵਨੀ ਤੋਂ ਬਾਅਦ ਕਾਂਗਰਸ ਪਾਰਟੀ ਕੀ ਰੁਖ਼ ਅਖਤਿਆਰ ਕਰਦੀ ਹੈ।
