ਪੰਜਾਬ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਨਹੀਂ ਆਇਆ
ਪ੍ਰੈੱਸ ਕਾਨਫਰੰਸ ਦੌਰਾਨ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕੋਈ ਸੱਦਾ ਨਹੀਂ ਦਿੱਤਾ ਗਿਆ। ਇਸ ਲਈ 5 ਨਵੰਬਰ ਨੂੰ ਤੈਅ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਆਗੂਆਂ ਮੁਤਾਬਕ ਪੰਜਾਬ ਭਰ ਵਿੱਚ ਇਸ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀ ਜਥੇਬੰਦੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਕੀ ਹਨ ਮੋਰਚੇ ਦੀਆਂ ਮੁੱਖ ਮੰਗਾਂ?
ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦਿਵਾਉਣਾ, ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਕਰਨਾ ਅਤੇ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਰਿਹਾਅ ਕਰਨਾ ਸ਼ਾਮਲ ਹੈ।ਇਸ ਤੋਂ ਇਲਾਵਾ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਪੰਜਾਬ ਭਰ ਵਿੱਚ ਹੋ ਰਹੀਆਂ ਮੀਟਿੰਗਾਂ
5 ਨਵੰਬਰ ਦੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮਾਨਸਾ ਵਿੱਚ ਵੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਅਤੇ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਜਨਤਕ ਜਥੇਬੰਦੀਆਂ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਤਿਆਰ ਹਨ। ਘਿਰਾਓ ਦੌਰਾਨ ਪ੍ਰਬੰਧਾਂ ਅਤੇ ਆਪਸੀ ਤਾਲਮੇਲ ਨੂੰ ਲੈ ਕੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਪ੍ਰੈੱਸ ਕਾਨਫਰੰਸ ਵਿੱਚ ਕਈ ਆਗੂ ਰਹੇ ਮੌਜੂਦ
ਪ੍ਰੈੱਸ ਕਾਨਫਰੰਸ ਦੌਰਾਨ ਭੀਮ ਸਿੰਘ ਫੌਜੀ, ਗਗਨਦੀਪ ਸਿਰਸੀਵਾਲਾ, ਅਮਨਦੀਪ ਪਟਵਾਰੀ, ਭੁਪਿੰਦਰ ਰੂਬੀ, ਮਨਮੋਹਨ ਸਿੰਘ ਮੋਹਣਾ, ਕੁਲਵਿੰਦਰ ਸਿੰਘ ਸੁੱਖੀ ਅਤੇ ਬਲਜਿੰਦਰ ਸਿੰਘ ਭੱਖੜਾ ਸਮੇਤ ਕਈ ਆਗੂ ਮੌਜੂਦ ਰਹੇ।ਐਕਸ਼ਨ ਕਮੇਟੀ ਨੇ ਮੁੜ ਦੁਹਰਾਇਆ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਫਿਲਹਾਲ 5 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੇ ਘਿਰਾਓ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
