ਇਸ ਫੈਸਲੇ ਨਾਲ ਅਗਨੀਵੀਰਾਂ ਲਈ ਹਥਿਆਰਬੰਦ ਸੈਨਾਵਾਂ ਵਿੱਚ ਲੰਬੇ ਸਮੇਂ ਤੱਕ ਸੇਵਾ ਜਾਰੀ ਰੱਖਣ ਦਾ ਨਵਾਂ ਰਾਹ ਖੁੱਲ੍ਹ ਗਿਆ ਹੈ। ਹਾਲਾਂਕਿ, ਦੋ ਸਾਲਾਂ ਦੀ ਵਾਧੂ ਸੇਵਾ ਤੋਂ ਬਾਅਦ ਰੈਗੂਲਰ ਫੋਰਸ ਵਿੱਚ ਭਰਤੀ ਆਪਣੇ ਆਪ ਨਹੀਂ ਹੋਵੇਗੀ, ਸਗੋਂ ਇਸ ਲਈ ਇੱਛਾ ਅਤੇ ਨਿਰਧਾਰਤ ਚੋਣ ਮਾਪਦੰਡ ਪੂਰੇ ਕਰਨੇ ਲਾਜ਼ਮੀ ਹੋਣਗੇ।
25 ਫ਼ੀਸਦੀ ਅਗਨੀਵੀਰਾਂ ਨੂੰ ਪਹਿਲਾਂ ਵਾਂਗ ਮਿਲੇਗੀ ਰੈਗੂਲਰ ਸੇਵਾ
CDS ਜਨਰਲ ਐਨ.ਐਸ. ਰਾਜਾ ਸੁਬਰਾਮਣੀ ਨੇ ਦੱਸਿਆ ਕਿ ਅਗਨੀਪਥ ਯੋਜਨਾ ਤਹਿਤ ਪਹਿਲਾਂ ਤੋਂ ਤੈਅ ਨਿਯਮਾਂ ਅਨੁਸਾਰ 25 ਫ਼ੀਸਦੀ ਅਗਨੀਵੀਰਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਰੈਗੂਲਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਬਾਕੀ 75 ਫ਼ੀਸਦੀ ਅਗਨੀਵੀਰਾਂ ਨੂੰ ਦੋ ਸਾਲਾਂ ਦੀ ਵਾਧੂ ਸੇਵਾ ਦੀ ਪੇਸ਼ਕਸ਼ ਕੀਤੀ ਜਾਵੇਗੀ। ਇਸ ਤਰ੍ਹਾਂ ਉਨ੍ਹਾਂ ਨੂੰ ਕੁੱਲ ਛੇ ਸਾਲ ਤੱਕ ਸੇਵਾ ਕਰਨ ਦਾ ਮੌਕਾ ਮਿਲ ਸਕੇਗਾ।
ਦੋ ਸਾਲ ਬਾਅਦ ਵੀ ਮਿਲੇਗਾ ਰੈਗੂਲਰ ਫੌਜ ਵਿੱਚ ਸ਼ਾਮਲ ਹੋਣ ਦਾ ਮੌਕਾ
ਸਰਕਾਰ ਦੇ ਨਵੇਂ ਫੈਸਲੇ ਮੁਤਾਬਕ ਦੋ ਸਾਲਾਂ ਦੀ ਵਾਧੂ ਸੇਵਾ ਪੂਰੀ ਕਰਨ ਤੋਂ ਬਾਅਦ ਇੱਛੁਕ ਅਗਨੀਵੀਰਾਂ ਨੂੰ ਮੁੜ ਰੈਗੂਲਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇਗਾ। ਇਸ ਲਈ ਉਨ੍ਹਾਂ ਨੂੰ ਨਿਰਧਾਰਤ ਯੋਗਤਾ ਅਤੇ ਚੋਣ ਮਾਪਦੰਡਾਂ ‘ਤੇ ਖਰਾ ਉਤਰਨਾ ਪਵੇਗਾ।ਇਸ ਵਾਧੂ ਸੇਵਾ ਦੌਰਾਨ ਅਗਨੀਵੀਰਾਂ ਨੂੰ ਵਧਿਆ ਹੋਇਆ ਤਨਖ਼ਾਹ ਪੈਕੇਜ ਅਤੇ ਬਿਹਤਰ ਸੇਵਾ ਲਾਭ ਵੀ ਦਿੱਤੇ ਜਾਣਗੇ।
14 ਜੂਨ 2022 ਨੂੰ ਸ਼ੁਰੂ ਹੋਈ ਸੀ ਅਗਨੀਪਥ ਯੋਜਨਾ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 14 ਜੂਨ 2022 ਨੂੰ ਅਗਨੀਪਥ ਯੋਜਨਾ ਸ਼ੁਰੂ ਕੀਤੀ ਸੀ। ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਭਾਰਤੀ ਫੌਜ, ਹਵਾਈ ਫੌਜ ਅਤੇ ਜਲ ਸੈਨਾ ਵਿੱਚ ਭਰਤੀ ਕੀਤਾ ਜਾਂਦਾ ਹੈ।ਚਾਰ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ 25 ਫ਼ੀਸਦੀ ਅਗਨੀਵੀਰਾਂ ਨੂੰ ਰੈਗੂਲਰ ਸੇਵਾ ਵਿੱਚ ਰੱਖਣ ਅਤੇ ਬਾਕੀ 75 ਫ਼ੀਸਦੀ ਨੂੰ ਸੇਵਾ ਤੋਂ ਮੁਕਤ ਕਰਨ ਦੀ ਵਿਵਸਥਾ ਸੀ। ਹੁਣ ਪਹਿਲੇ ਬੈਚ ਦੀ ਚਾਰ ਸਾਲਾਂ ਦੀ ਸੇਵਾ ਪੂਰੀ ਹੋਣ ਤੋਂ ਪਹਿਲਾਂ ਸਰਕਾਰ ਨੇ ਇਸ ਪ੍ਰਕਿਰਿਆ ਵਿੱਚ ਬਦਲਾਅ ਕੀਤਾ ਹੈ।
ਭਰਤੀ ਪ੍ਰਕਿਰਿਆ ਵਿੱਚ ਵੀ ਹੋਇਆ ਬਦਲਾਅ
CDS ਨੇ ਦੱਸਿਆ ਕਿ ਅਗਨੀਵੀਰਾਂ ਦੀ ਭਰਤੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਵੀ ਕਦਮ ਚੁੱਕੇ ਗਏ ਹਨ। ਹੁਣ ਪਹਿਲਾਂ ਲਿਖਤੀ ਪ੍ਰੀਖਿਆ ਹੋਵੇਗੀ ਅਤੇ ਉਸ ਤੋਂ ਬਾਅਦ ਸਰੀਰਕ ਟੈਸਟ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਅਗਨੀਵੀਰਾਂ ਦੀ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਕੰਮ ਕਰਨ ਦੀ ਸਮਰੱਥਾ ਬਾਰੇ ਸਕਾਰਾਤਮਕ ਫੀਡਬੈਕ ਮਿਲਿਆ ਹੈ। ਇਸ ਤੋਂ ਇਲਾਵਾ ਅਗਨੀਵੀਰਾਂ ਨੂੰ ਉਨ੍ਹਾਂ ਦੀ ਸੇਵਾ ਦੌਰਾਨ ਹਾਸਲ ਕੀਤੇ ਹੁਨਰਾਂ ਲਈ ਸਰਟੀਫਿਕੇਟ ਦੇਣ ਦੀ ਵਿਵਸਥਾ ਵੀ ਕੀਤੀ ਗਈ ਹੈ।ਸਰਕਾਰ ਦੇ ਇਸ ਫੈਸਲੇ ਨੂੰ ਅਗਨੀਵੀਰਾਂ ਦੇ ਭਵਿੱਖ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਉਨ੍ਹਾਂ ਦੀ ਸੇਵਾ ਦੇ ਮੌਕਿਆਂ ਦੇ ਲਿਹਾਜ਼ ਨਾਲ ਅਹਿਮ ਬਦਲਾਅ ਮੰਨਿਆ ਜਾ ਰਿਹਾ ਹੈ।
