ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਅਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਹੋਣ ਵਾਲੇ ਸੰਘਰਸ਼ਾਂ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਹਾਲਾਂਕਿ, ਮੌਜੂਦਾ ਸਿਆਸੀ ਹਾਲਾਤ ਵਿੱਚ ਪੰਜਾਬ ਦੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਕਾਰਨ ਉਨ੍ਹਾਂ ਦੇ ਮਨ ਵਿੱਚ ਪੀੜ ਹੈ।
ਸਿਆਸੀ ਸਰਗਰਮੀਆਂ ਦੀ ਘਾਟ ‘ਤੇ ਚੁੱਕੇ ਸਵਾਲ
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਵਿਰੋਧੀ ਧਿਰ ਦੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਸੀਮਤ ਹੋ ਕੇ ਰਹਿ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਉਠਾਉਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਜ਼ਮੀਨੀ ਪੱਧਰ ‘ਤੇ ਸਰਗਰਮ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੁਤਾਬਕ, ਮੌਜੂਦਾ ਹਾਲਾਤ ਵਿੱਚ ਪੰਜਾਬ ਪੱਖੀ ਸਿਆਸੀ ਤਾਕਤਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਅਕਾਲੀ ਅਤੇ ਪੰਥਕ ਧਿਰਾਂ ਨੂੰ ਇਕ ਮੰਚ ‘ਤੇ ਆਉਣ ਦੀ ਅਪੀਲ
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸਾਰੀਆਂ ਪੰਥਕ ਧਿਰਾਂ ਇਕੱਠੀਆਂ ਹੋ ਕੇ ਕੰਮ ਕਰਨ ਤਾਂ ਪੰਜਾਬ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰ ਨਹੀਂ ਮਿਲੇ: ਚੰਦੂਮਾਜਰਾ
ਆਪਣੇ ਫੈਸਲੇ ਬਾਰੇ ਸਪੱਸ਼ਟ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਥਕ ਏਕਤਾ ਲਈ ਸਾਰੀਆਂ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ।ਇਸ ਅਪੀਲ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ‘ਤੇ ਦਿੱਤੇ ਗਏ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ, ਵਿਚਾਰ ਅਤੇ ਕੰਮ ਕਰਨ ਦਾ ਤਰੀਕਾ ਆਪਸ ਵਿੱਚ ਮੇਲ ਨਹੀਂ ਖਾਂਦਾ।ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ‘ਪੁਨਰ ਸੁਰਜੀਤ ਅਕਾਲੀ ਦਲ’ ਜਥੇਬੰਦੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ
ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦਾ ਮਤਲਬ ਪੰਜਾਬ ਅਤੇ ਪੰਥ ਦੇ ਹਿੱਤਾਂ ਤੋਂ ਪਿੱਛੇ ਹਟਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ, ਪੰਥ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।ਉਨ੍ਹਾਂ ਦੇ ਇਸ ਫੈਸਲੇ ਨਾਲ ਪੰਜਾਬ ਦੀ ਪੰਥਕ ਅਤੇ ਅਕਾਲੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰੋ. ਚੰਦੂਮਾਜਰਾ ਦੀ ਅਗਲੀ ਸਿਆਸੀ ਰਣਨੀਤੀ ਕੀ ਰਹਿੰਦੀ ਹੈ ਅਤੇ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਕਿਸ ਦਿਸ਼ਾ ਵੱਲ ਵਧਦੀਆਂ ਹਨ।
