ਮੀਟਿੰਗ ਦੌਰਾਨ ਸਭ ਤੋਂ ਅਹਿਮ ਫ਼ੈਸਲਾ ਇਹ ਹੋਇਆ ਕਿ ਨੌਜਵਾਨ ਆਗੂ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਰਿਹਾਈ ਤੋਂ ਬਾਅਦ ਹੀ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਐਕਸ਼ਨ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ।ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਅਤੇ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਵਿਚਾਲੇ ਹੋਈ ਲੰਬੀ ਮੀਟਿੰਗ ਤੋਂ ਬਾਅਦ ਇਸ ਮੁੱਦੇ ‘ਤੇ ਸਹਿਮਤੀ ਬਣੀ ਹੈ।
ਪਰਿਵਾਰ ਨੂੰ 2 ਕਰੋੜ ਦੀ ਆਰਥਿਕ ਮਦਦ
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।ਇਨ੍ਹਾਂ ਫ਼ੈਸਲਿਆਂ ਨੂੰ ਪਰਿਵਾਰ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਐਕਸ਼ਨ ਕਮੇਟੀ ਵੱਲੋਂ ਵੀ ਸਰਕਾਰ ਨਾਲ ਹੋਈ ਸਹਿਮਤੀ ਤੋਂ ਬਾਅਦ ਅਗਲਾ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ।
ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਸਬੰਧੀ ਐਲਾਨਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਐਕਸ਼ਨ ਕਮੇਟੀ ਵੱਲੋਂ ਗ੍ਰਿਫ਼ਤਾਰ ਨੌਜਵਾਨ ਆਗੂਆਂ ਦੀ ਰਿਹਾਈ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਸਮੇਤ ਹੋਰ ਮੰਗਾਂ ਚੁੱਕੀਆਂ ਜਾ ਰਹੀਆਂ ਸਨ।
ਫਿਲਹਾਲ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ ਨੂੰ ਇਸ ਮਾਮਲੇ ਨੂੰ ਸੁਲਝਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਸਾਰਿਆਂ ਦੀ ਨਜ਼ਰ ਲੱਖਾ ਸਿਧਾਣਾ ਅਤੇ ਹੋਰ ਸਾਥੀਆਂ ਦੀ ਰਿਹਾਈ ਅਤੇ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ‘ਤੇ ਟਿਕੀ ਹੋਈ ਹੈ।
