ਜਾਣਕਾਰੀ ਅਨੁਸਾਰ ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਕਰਮਾ ਕੀਤੀ ਅਤੇ ਗੁਰੂ ਘਰ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਕੁਝ ਸਮਾਂ ਪਵਿੱਤਰ ਅਸਥਾਨ ‘ਤੇ ਬਿਤਾਇਆ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ।ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਨਤਮਸਤਕ ਹੋਣ ਪਹੁੰਚੇ। ਇੱਥੇ ਵੀ ਉਨ੍ਹਾਂ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਰੌਸ਼ਨੀਆਂ ਅਤੇ ਦੀਪਮਾਲਾ ਨਾਲ ਸਜਾਇਆ ਗਿਆ ਹੈ। ਪੂਰਾ ਪਰਿਸਰ ਰੌਸ਼ਨੀ ਨਾਲ ਜਗਮਗਾ ਰਿਹਾ ਹੈ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਪਵਿੱਤਰ ਮੌਕੇ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਭਿਸ਼ੇਕ ਸ਼ਰਮਾ
ਜ਼ਿਕਰਯੋਗ ਹੈ ਕਿ ਅਭਿਸ਼ੇਕ ਸ਼ਰਮਾ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਨਾਲ ਹੈ। ਉਹ ਭਾਰਤੀ ਕ੍ਰਿਕਟ ਟੀਮ ਦੇ ਅਹਿਮ ਖਿਡਾਰੀਆਂ ਵਿੱਚੋਂ ਇੱਕ ਹਨ ਅਤੇ ਆਪਣੀ ਹਮਲਾਵਰ ਤੇ ਤੂਫ਼ਾਨੀ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ।
ਅਭਿਸ਼ੇਕ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਕ੍ਰਿਕਟ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੇ ਹਨ। ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਨਾਲ ਜੁੜੇ ਰਹਿਣ ਵਾਲੇ ਅਭਿਸ਼ੇਕ ਸ਼ਰਮਾ ਦਾ ਗੁਰੂ ਘਰ ਵਿਖੇ ਨਤਮਸਤਕ ਹੋਣਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
