ਜਾਣਕਾਰੀ ਅਨੁਸਾਰ, 84 ਸਾਲਾ ਮਾਤਾ ਚਰਨ ਕੌਰ ਦਾ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਦਾਦੀ ਦੇ ਅਕਾਲ ਚਲਾਣੇ ਦੀ ਖ਼ਬਰ ਤੋਂ ਬਾਅਦ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਮੰਗ ਕੀਤੀ ਗਈ ਸੀ, ਤਾਂ ਜੋ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣ।
ਪਰਿਵਾਰ ਨੂੰ ਚੁੱਕਣਾ ਪਵੇਗਾ ਆਉਣ-ਜਾਣ ਅਤੇ ਸੁਰੱਖਿਆ ਦਾ ਖਰਚਾ
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਦਾਲਤ ਵੱਲੋਂ ਕੁਝ ਖਾਸ ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਅਨੁਸਾਰ, ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ-ਜਾਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਸਾਰਾ ਖਰਚਾ ਪਰਿਵਾਰ ਨੂੰ ਹੀ ਸਹਿਣ ਕਰਨਾ ਪਵੇਗਾ।ਸੁਰੱਖਿਆ ਲਈ ਕਿੰਨੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਅਤੇ ਇਸ ‘ਤੇ ਕਿੰਨਾ ਖਰਚਾ ਆਵੇਗਾ, ਇਸ ਦਾ ਫੈਸਲਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ।
ਵਕੀਲ ਨੇ ਦੱਸਿਆ ਕਿ ਅਦਾਲਤ ਦਾ ਵਿਸਤ੍ਰਿਤ ਲਿਖਤੀ ਹੁਕਮ ਅਜੇ ਪ੍ਰਾਪਤ ਨਹੀਂ ਹੋਇਆ ਹੈ। ਇਸ ਲਈ ਪੈਰੋਲ ਦੀਆਂ ਸਾਰੀਆਂ ਸ਼ਰਤਾਂ, ਸੁਰੱਖਿਆ ਪ੍ਰਬੰਧਾਂ ਅਤੇ ਮੁਲਾਕਾਤ ਸਬੰਧੀ ਨਿਯਮਾਂ ਦੀ ਪੂਰੀ ਜਾਣਕਾਰੀ ਲਿਖਤੀ ਹੁਕਮ ਮਿਲਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਅੰਮ੍ਰਿਤਪਾਲ ਦੇ ਆਉਣ ਦੀ ਉਡੀਕ ਵਿੱਚ ਪਰਿਵਾਰ ਨੇ ਰੋਕਿਆ ਅੰਤਿਮ ਸਸਕਾਰ
ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਿਲਣ ਤੱਕ ਅੰਤਿਮ ਸਸਕਾਰ ਮੁਲਤਵੀ ਰੱਖਣ ਦਾ ਫੈਸਲਾ ਕੀਤਾ ਸੀ। ਪਰਿਵਾਰ ਦੀ ਇੱਛਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਖੁਦ ਸ਼ਾਮਲ ਹੋਣ।
ਪਰਿਵਾਰ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਸੀ ਕਿ ਦੁੱਖ ਦੀ ਇਸ ਘੜੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ।ਹੁਣ ਅਦਾਲਤ ਵੱਲੋਂ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਨੂੰ ਉਨ੍ਹਾਂ ਦੇ ਪੰਜਾਬ ਪਹੁੰਚਣ ਦੀ ਉਮੀਦ ਹੈ। ਇਸ ਫੈਸਲੇ ਨਾਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ।
