ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਮੀਡੀਆ ਅਤੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਸਨ, ਜਿਸ ਕਾਰਨ ਉਹ ਆਪਣਾ ਪੱਖ ਸਪੱਸ਼ਟ ਕਰ ਰਹੇ ਹਨ।
5 ਅਗਸਤ ਨੂੰ ਕੇਜਰੀਵਾਲ ਨੂੰ ਕਰ ਦਿੱਤਾ ਸੀ ਇਨਕਾਰ
ਆਪਣੀ ਪੋਸਟ ਵਿੱਚ ਅਨਮੋਲ ਗਗਨ ਮਾਨ ਨੇ ਦੱਸਿਆ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਉਨ੍ਹਾਂ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।
ਉਨ੍ਹਾਂ ਮੁਤਾਬਕ, ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਫੋਨ ਆਇਆ ਸੀ। ਇਸ ਦੌਰਾਨ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਉਨ੍ਹਾਂ ਦਾ ਚੋਣ ਨਾ ਲੜਨ ਦਾ ਫੈਸਲਾ ਅਜੇ ਵੀ ਬਰਕਰਾਰ ਹੈ? ਇਸ ‘ਤੇ ਅਨਮੋਲ ਗਗਨ ਮਾਨ ਨੇ ਦੁਬਾਰਾ ਆਪਣਾ ਫੈਸਲਾ ਦੁਹਰਾਇਆ।
ਕੇਜਰੀਵਾਲ ਨੇ ਕਹੀ ਸੀ ਇਹ ਗੱਲ
ਅਨਮੋਲ ਗਗਨ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਲੋਕਾਂ ਨੂੰ ਸਪੱਸ਼ਟ ਕਰ ਦੇਣ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਟਿਕਟ ਨਹੀਂ ਕੱਟੀ ਗਈ, ਬਲਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਉਨ੍ਹਾਂ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਸਨ ਅਤੇ ਉਹ ਇਸ ਗੱਲ ਨੂੰ ਜਾਣਦੇ ਹਨ। ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਨਾ ਲੜਨ ਦਾ ਫੈਸਲਾ ਉਨ੍ਹਾਂ ਨੇ ਖੁਦ ਲਿਆ ਹੈ।
ਪਾਰਟੀ ਦੇ ਨਾਲ ਹਨ ਅਨਮੋਲ ਗਗਨ ਮਾਨ ਦੀਆਂ ਸ਼ੁਭਕਾਮਨਾਵਾਂ
ਆਪਣੇ ਬਿਆਨ ਦੇ ਅੰਤ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਆਮ ਆਦਮੀ ਪਾਰਟੀ ਦੇ ਨਾਲ ਹਨ।ਦੱਸ ਦੇਈਏ ਕਿ ‘ਆਪ’ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਅਨਮੋਲ ਗਗਨ ਮਾਨ ਦਾ ਨਾਮ ਸ਼ਾਮਲ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਨਾ ਲੜਨ ਅਤੇ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਹੁਣ ਉਨ੍ਹਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦੇ ਆਪਣੇ ਬਿਆਨ ਮੁਤਾਬਕ ਇਹ ਫੈਸਲਾ ਨਿੱਜੀ ਸੀ, ਨਾ ਕਿ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਦਾ ਮਾਮਲਾ।

