ਜਾਣਕਾਰੀ ਅਨੁਸਾਰ, ਬਲਜਿੰਦਰ ਸਿੰਘ ਨੂੰ ਸੋਮਵਾਰ ਰਾਤ ਕਰੀਬ 11 ਵਜੇ ਫੋਨ ਰਾਹੀਂ ਲਾਟਰੀ ਦਾ ਪਹਿਲਾ ਇਨਾਮ ਨਿਕਲਣ ਦੀ ਸੂਚਨਾ ਮਿਲੀ। ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ 500 ਰੁਪਏ ਦੀ ਟਿਕਟ ਨੇ 12 ਕਰੋੜ ਰੁਪਏ ਦਾ ਇਨਾਮ ਜਿਤਾਇਆ ਹੈ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।
ਕਿਸਾਨ ਦੇ ਨਾਲ-ਨਾਲ ਟਿੱਪਰ ਡਰਾਈਵਰ ਵੀ ਹਨ ਬਲਜਿੰਦਰ ਸਿੰਘ
45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਹਮਾਯੂੰਪੁਰ ਦੇ ਰਹਿਣ ਵਾਲੇ ਹਨ। ਉਹ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਇਸ ਦੇ ਨਾਲ ਹੀ ਉਹ ਇੱਕ ਸਟੋਨ ਕਰੱਸ਼ਰ ‘ਤੇ ਟਿੱਪਰ ਚਲਾਉਣ ਦਾ ਕੰਮ ਵੀ ਕਰਦੇ ਹਨ।
ਉਨ੍ਹਾਂ ਦੇ ਪਰਿਵਾਰ ਕੋਲ ਕਰੀਬ ਢਾਈ ਤੋਂ ਤਿੰਨ ਏਕੜ ਜ਼ਮੀਨ ਹੈ। ਬਲਜਿੰਦਰ ਸਿੰਘ ਦੋ ਬੱਚਿਆਂ ਦੇ ਪਿਤਾ ਹਨ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਹੁਣ 12 ਕਰੋੜ ਰੁਪਏ ਦਾ ਇਨਾਮ ਨਿਕਲਣ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆਉਣ ਦੀ ਉਮੀਦ ਹੈ।
15 ਸਾਲਾਂ ਤੋਂ ਖਰੀਦ ਰਹੇ ਸਨ ਲਾਟਰੀ ਦੀ ਟਿਕਟ
ਬਲਜਿੰਦਰ ਸਿੰਘ ਪਿਛਲੇ ਕਰੀਬ 15 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਸਨ। ਇਸ ਵਾਰ ਉਨ੍ਹਾਂ ਨੇ ਦੀਵਾਲੀ ਤੋਂ ਪਹਿਲਾਂ ਹੰਡੇਸਰਾ ਦੇ ਲਾਟਰੀ ਵਿਕਰੇਤਾ ਆਸ਼ੂ ਗਰਗ ਕੋਲੋਂ 500 ਰੁਪਏ ਦੀ ਦੀਵਾਲੀ ਬੰਪਰ ਟਿਕਟ ਖਰੀਦੀ ਸੀ।
ਉਨ੍ਹਾਂ ਨੂੰ ਸ਼ਾਇਦ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਟਿਕਟ ਉਨ੍ਹਾਂ ਦੀ ਕਿਸਮਤ ਬਦਲ ਦੇਵੇਗੀ। ਸੋਮਵਾਰ ਰਾਤ ਕਰੀਬ 11 ਵਜੇ ਜਦੋਂ ਉਨ੍ਹਾਂ ਨੂੰ 12 ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਦੀ ਖੁਸ਼ੀ ਸੱਤਵੇਂ ਆਸਮਾਨ ‘ਤੇ ਪਹੁੰਚ ਗਈ।
ਲਾਟਰੀ ਨਿਕਲਣ ਦੀ ਖ਼ਬਰ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ
ਬਲਜਿੰਦਰ ਸਿੰਘ ਦੀ 12 ਕਰੋੜ ਰੁਪਏ ਦੀ ਲਾਟਰੀ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਹਨ।ਇਸ ਤੋਂ ਬਾਅਦ ਬਲਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਜ਼ੀਰਕਪੁਰ ਸਥਿਤ ਲਾਟਰੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨਾਮ ਦਾ ਦਾਅਵਾ ਪੇਸ਼ ਕਰਨ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਸ਼ੁਰੂ ਕੀਤੀ।
‘ਪਰਮਾਤਮਾ ਨੇ ਮੇਰੀ ਸੁਣ ਲਈ’
12 ਕਰੋੜ ਰੁਪਏ ਦਾ ਇਨਾਮ ਜਿੱਤਣ ਤੋਂ ਬਾਅਦ ਬਲਜਿੰਦਰ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਦੀ ਸੁਣ ਲਈ ਹੈ।ਉਨ੍ਹਾਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਸਨ। ਹੁਣ ਇਨਾਮ ਨਿਕਲਣ ਤੋਂ ਬਾਅਦ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮਿਹਨਤ ਕਰਨ ਵਾਲੇ ਇਨਸਾਨ ਹਨ ਅਤੇ ਕਰੋੜਪਤੀ ਬਣਨ ਤੋਂ ਬਾਅਦ ਵੀ ਆਪਣਾ ਕੰਮ ਜਾਰੀ ਰੱਖਣਗੇ।
