ਪਰਗਟ ਸਿੰਘ ‘ਤੇ ਕਾਂਗਰਸ ਹਾਈਕਮਾਂਡ ਦਾ ਵੱਡਾ ਦਾਅ
ਕਾਂਗਰਸ ਹਾਈਕਮਾਂਡ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਾਉਣ ਦੇ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸਾਫ਼-ਸੁਥਰੀ ਸਿਆਸੀ ਛਵੀ ਵਾਲੇ ਪਰਗਟ ਸਿੰਘ ਨੂੰ ਅਜਿਹੇ ਸਮੇਂ ਪਾਰਟੀ ਦੀ ਕਮਾਨ ਸੌਂਪੀ ਗਈ ਹੈ, ਜਦੋਂ ਕਾਂਗਰਸ ਨੂੰ ਅੰਦਰੂਨੀ ਧੜੇਬੰਦੀ ਅਤੇ ਆਗੂਆਂ ਵਿਚਾਲੇ ਖਿੱਚੋਤਾਣ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਪਹਿਲਾਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਵੀ ਨਿਭਾਅ ਚੁੱਕੇ ਹਨ।
ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਪਿੱਛੇ ਹਾਈਕਮਾਂਡ ਦੀ ਰਣਨੀਤੀ ਪਾਰਟੀ ਦੇ ਵੱਡੇ ਆਗੂਆਂ ਨੂੰ ਇੱਕ ਮੰਚ ‘ਤੇ ਲਿਆਉਣਾ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕਜੁੱਟ ਕਰਨਾ ਹੋ ਸਕਦੀ ਹੈ।
ਮੁੱਖ ਮੰਤਰੀ ਬਣਨ ਦੇ ਚਾਹਵਾਨ ਨਹੀਂ ਪਰਗਟ ਸਿੰਘ!
ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਹੋ ਰਹੀ ਹੈ ਕਿ ਕੀ ਉਹ ਖੁਦ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਾਹਮਣੇ ਆਉਣਗੇ? ਹਾਲਾਂਕਿ, ਪਰਗਟ ਸਿੰਘ ਖੁਦ PTC NEWS ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਹਵਾਨ ਨਹੀਂ ਹਨ।
ਉਨ੍ਹਾਂ ਕਿਹਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਵਿਧਾਇਕ ਅਤੇ ਪਾਰਟੀ ਦੇ ਆਬਜ਼ਰਵਰ ਮੁੱਖ ਮੰਤਰੀ ਦੀ ਚੋਣ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ, “ਮੈਂ ਮੁੱਖ ਮੰਤਰੀ ਬਣਨ ਦਾ ਬਿਲਕੁਲ ਚਾਹਵਾਨ ਨਹੀਂ ਹਾਂ। ਪਾਰਟੀ ਨੇ ਜੇਕਰ ਮੈਨੂੰ ਪ੍ਰਧਾਨ ਬਣਾ ਦਿੱਤਾ, ਮੈਨੂੰ ਇਹ ਡੈਸਟਿਨੀ ਲੱਗਦੀ ਹੈ।”
ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਇਹ ਚਰਚਾ ਹੋਰ ਤੇਜ਼ ਹੋ ਗਈ ਹੈ ਕਿ ਕਾਂਗਰਸ ਇਸ ਵਾਰ ਕਿਸੇ ਇੱਕ ਆਗੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਦੀ ਬਜਾਏ ਸਮੂਹਿਕ ਲੀਡਰਸ਼ਿਪ ਨਾਲ ਚੋਣਾਂ ਲੜ ਸਕਦੀ ਹੈ।
1980 ਤੋਂ ਰਿਹਾ ਹੈ ਪ੍ਰਧਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਰਿਵਾਜ
ਪੰਜਾਬ ਕਾਂਗਰਸ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਸਾਲ 1980 ਤੋਂ ਪਾਰਟੀ ਵਿੱਚ ਇਹ ਰਿਵਾਜ ਰਿਹਾ ਹੈ ਕਿ ਪ੍ਰਧਾਨ ਬਣਨ ਵਾਲੇ ਆਗੂ ਨੂੰ ਹੀ ਮੁੱਖ ਮੰਤਰੀ ਦੀ ਕੁਰਸੀ ਮਿਲਦੀ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਇਸ ਦੀ ਵੱਡੀ ਉਦਾਹਰਨ ਹਨ। ਉਹ 2002 ਅਤੇ 2017 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿੰਦਿਆਂ ਮੁੱਖ ਮੰਤਰੀ ਬਣੇ ਸਨ। ਕੈਪਟਨ ਅਮਰਿੰਦਰ ਸਿੰਘ ਤਿੰਨ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਹਾਲਾਂਕਿ, 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਇਸ ਰਿਵਾਜ ਤੋਂ ਵੱਖਰਾ ਫੈਸਲਾ ਲਿਆ ਸੀ। ਸਾਲ 2021 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ, ਜਦਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਸੀ। ਪਰ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਕਾਂਗਰਸ ਦੀ ਧੜੇਬੰਦੀ ‘ਤੇ ਲੱਗੇਗੀ ਲਗਾਮ ਜਾਂ ਜਾਰੀ ਰਹੇਗੀ ਖਿੱਚੋਤਾਣ?
ਪੰਜਾਬ ਕਾਂਗਰਸ ਵਿੱਚ ਧੜੇਬੰਦੀ ਹਮੇਸ਼ਾ ਹੀ ਪਾਰਟੀ ਲਈ ਵੱਡੀ ਚੁਣੌਤੀ ਰਹੀ ਹੈ। ਪਿਛਲੇ ਸਮੇਂ ਦੌਰਾਨ ਕਈ ਵੱਡੇ ਆਗੂਆਂ ਵਿਚਾਲੇ ਮਤਭੇਦ ਖੁੱਲ੍ਹ ਕੇ ਸਾਹਮਣੇ ਆਉਂਦੇ ਰਹੇ ਹਨ। ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਦੇ ਫੈਸਲੇ ਨੂੰ ਇਸ ਧੜੇਬੰਦੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਹਾਲਾਂਕਿ, ਪਾਰਟੀ ਦੇ ਅੰਦਰੂਨੀ ਸਮੀਕਰਨ ਅਜੇ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੱਖਰੀ ਯਾਤਰਾ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ।
ਬਿਨਾਂ CM ਚਿਹਰੇ ਦੇ ਚੋਣਾਂ ਲੜਨਾ ਕਾਂਗਰਸ ਲਈ ਕਿੰਨਾ ਫਾਇਦੇਮੰਦ?
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰੇਗੀ? ਸਿਆਸੀ ਮਾਹਰਾਂ ਦੇ ਇੱਕ ਵਰਗ ਦਾ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ CM ਚਿਹਰਾ ਐਲਾਨਣ ਨਾਲ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ।
ਦੂਜੇ ਪਾਸੇ, ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕਰਨ ਨਾਲ ਪਾਰਟੀ ਅੰਦਰ ਕਿਸੇ ਇੱਕ ਆਗੂ ਨੂੰ ਲੈ ਕੇ ਹੋਣ ਵਾਲੀ ਖਿੱਚੋਤਾਣ ਤੋਂ ਬਚਿਆ ਜਾ ਸਕਦਾ ਹੈ। ਇਸ ਨਾਲ ਕਾਂਗਰਸ ਹਾਈਕਮਾਂਡ ਸਾਰੇ ਵੱਡੇ ਆਗੂਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕਰ ਸਕਦੀ ਹੈ।
ਫਿਲਹਾਲ ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ, ਪਰ ਮੁੱਖ ਮੰਤਰੀ ਦੇ ਚਿਹਰੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਹੁਣ ਦੇਖਣਾ ਹੋਵੇਗਾ ਕਿ ਹਾਈਕਮਾਂਡ 2027 ਦੀਆਂ ਚੋਣਾਂ ਤੋਂ ਪਹਿਲਾਂ ਕਿਸੇ ਇੱਕ ਆਗੂ ਨੂੰ CM ਚਿਹਰਾ ਬਣਾਉਂਦੀ ਹੈ ਜਾਂ ਫਿਰ ਸਮੂਹਿਕ ਲੀਡਰਸ਼ਿਪ ਦੇ ਦਮ ‘ਤੇ ਚੋਣ ਮੈਦਾਨ ਵਿੱਚ ਉਤਰਦੀ ਹੈ।
