26 ਨਵੰਬਰ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ
ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, ਚੋਣ ਲੜਨ ਦੇ ਚਾਹਵਾਨ ਉਮੀਦਵਾਰ 26 ਨਵੰਬਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਤਰੀਕ 3 ਦਸੰਬਰ ਤੈਅ ਕੀਤੀ ਗਈ ਹੈ।ਇਸ ਤੋਂ ਬਾਅਦ 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਇਸ ਪੂਰੀ ਚੋਣ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਚੰਡੀਗੜ੍ਹ ਨਗਰ ਨਿਗਮ ਦੀਆਂ ਇਨ੍ਹਾਂ ਚੋਣਾਂ ਵਿੱਚ ਕੁੱਲ 4,60,262 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਵੋਟਿੰਗ ਲਈ ਸ਼ਹਿਰ ਵਿੱਚ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ।ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਵੋਟਿੰਗ ਦੀ ਹੋਵੇਗੀ ਲਾਈਵ ਸਟ੍ਰੀਮਿੰਗ, ਆਨਲਾਈਨ ਪਤਾ ਲੱਗੇਗੀ ਲਾਈਨ ਦੀ ਸਥਿਤੀ
ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਦੱਸਿਆ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ।
ਇਸ ਦੇ ਨਾਲ ਹੀ ਵੋਟਿੰਗ ਦੀ ਲਾਈਵ ਸਟ੍ਰੀਮਿੰਗ ਵੀ ਕੀਤੀ ਜਾਵੇਗੀ। ਵੋਟਰ ਆਨਲਾਈਨ ਸਿਸਟਮ ਰਾਹੀਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਪੋਲਿੰਗ ਸਟੇਸ਼ਨ ‘ਤੇ ਕਿੰਨੀ ਲੰਬੀ ਲਾਈਨ ਲੱਗੀ ਹੋਈ ਹੈ, ਤਾਂ ਜੋ ਉਹ ਆਪਣੀ ਸਹੂਲਤ ਅਨੁਸਾਰ ਵੋਟ ਪਾਉਣ ਲਈ ਪਹੁੰਚ ਸਕਣ।
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ‘ਤੇ ਪਾਬੰਦੀ
ਚੋਣਾਂ ਦੌਰਾਨ ਪ੍ਰਚਾਰ ਨੂੰ ਲੈ ਕੇ ਵੀ ਨਿਯਮ ਤੈਅ ਕੀਤੇ ਗਏ ਹਨ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਰਹੇਗੀ।ਇਸ ਤੋਂ ਇਲਾਵਾ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ।
ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਚੰਡੀਗੜ੍ਹ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਹੁਣ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। 23 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਤੋਂ ਬਾਅਦ 26 ਦਸੰਬਰ ਨੂੰ ਆਉਣ ਵਾਲੇ ਨਤੀਜੇ ਇਹ ਤੈਅ ਕਰਨਗੇ ਕਿ ਚੰਡੀਗੜ੍ਹ ਨਗਰ ਨਿਗਮ ਦੀ ਸਿਆਸੀ ਕਮਾਨ ਕਿਸ ਦੇ ਹੱਥ ਵਿੱਚ ਜਾਵੇਗੀ।
