ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਦੇ ਇੱਕ ਸੁਰੱਖਿਅਤ ਟਿਕਾਣੇ ‘ਤੇ ਰੱਖਿਆ ਗਿਆ ਹੈ। ਉਹ ਭਲਕੇ ਸਵੇਰੇ 7:15 ਵਜੇ ਫਲਾਈਟ ਰਾਹੀਂ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣਗੇ ਅਤੇ ਸਵੇਰੇ 8:30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ।
ਸਿਰਫ਼ 3 ਘੰਟਿਆਂ ਦੀ ਮਿਲੀ ਕਸਟਡੀ ਪੈਰੋਲ
ਦੱਸ ਦੇਈਏ ਕਿ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ ਅਤੇ ਪਰਿਵਾਰ ਨਾਲ ਸਮਾਂ ਬਿਤਾ ਸਕਣਗੇ।
ਤਿੰਨ ਘੰਟਿਆਂ ਦੀ ਪੈਰੋਲ ਖ਼ਤਮ ਹੁੰਦੇ ਹੀ ਦੁਪਹਿਰ 3 ਵਜੇ ਪੁਲਿਸ ਉਨ੍ਹਾਂ ਨੂੰ ਵਾਪਸ ਅੰਮ੍ਰਿਤਸਰ ਏਅਰਪੋਰਟ ਲੈ ਕੇ ਜਾਵੇਗੀ। ਇੱਥੋਂ ਸ਼ਾਮ 6:35 ਵਜੇ ਉਨ੍ਹਾਂ ਦੀ ਦਿੱਲੀ ਲਈ ਫਲਾਈਟ ਰਵਾਨਾ ਹੋਵੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ।
ਮਾਹੌਲ ਵਿਗੜਨ ‘ਤੇ ਤੁਰੰਤ ਵਾਪਸ ਲਿਜਾਣ ਦੇ ਹੁਕਮ
ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਅਦਾਲਤ ਵੱਲੋਂ ਸਖ਼ਤ ਸ਼ਰਤਾਂ ਲਗਾਈਆਂ ਗਈਆਂ ਹਨ। ਜੇਕਰ ਅੰਤਿਮ ਸੰਸਕਾਰ ਦੌਰਾਨ ਕਾਨੂੰਨ-ਵਿਵਸਥਾ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਪੈਦਾ ਹੁੰਦਾ ਹੈ ਤਾਂ ਪੁਲਿਸ ਉਨ੍ਹਾਂ ਨੂੰ ਤੁਰੰਤ ਉੱਥੋਂ ਲਿਜਾ ਸਕਦੀ ਹੈ। ਲੋੜ ਪੈਣ ‘ਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਪੰਜਾਬ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ।
ਪਰਿਵਾਰ ਨੇ ਪੁਲਿਸ ਨੂੰ ਦਿੱਤੇ 10 ਲੱਖ ਰੁਪਏ
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਲਈ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ ‘ਤੇ ਖਰਚ ਹੋਣਗੇ। ਇਨ੍ਹਾਂ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪੰਜ ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਸ਼ਾਮਲ ਹਨ।
ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਪਰਿਵਾਰ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਪਹਿਲਾਂ ਘਰ ਲਿਆਂਦਾ ਜਾਵੇਗਾ ਅਤੇ ਫਿਰ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
SSP ਨੇ ਲੋਕਾਂ ਨੂੰ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਅੰਤਿਮ ਸੰਸਕਾਰ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ, ਡੀਐੱਸਪੀ, ਐੱਸਪੀ ਅਤੇ ਸੁਰੱਖਿਆ ਬ੍ਰਾਂਚ ਦੀਆਂ ਟੀਮਾਂ ਤਾਇਨਾਤ ਰਹਿਣਗੀਆਂ। ਨਾਗੋਕੇ ਅਤੇ ਰਈਆ ਮਾਰਗਾਂ ‘ਤੇ ਵੀ ਪੁਲਿਸ ਦੀ ਨਿਗਰਾਨੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਥਿਆਰ ਲੈ ਕੇ ਨਾ ਆਉਣ ਅਤੇ ਸ਼ਾਂਤੀ ਬਣਾਈ ਰੱਖਣ।
ਹੁਣ ਦੇਖਣਾ ਹੋਵੇਗਾ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੰਮ੍ਰਿਤਪਾਲ ਸਿੰਘ ਕਿਵੇਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੁੰਦੇ ਹਨ।
