ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 23 ਨਵੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਮੋਹਾਲੀ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਦੇ ਸਮੇਂ ਵਿਜ਼ੀਬਿਲਟੀ ਘੱਟ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਸੜਕਾਂ ‘ਤੇ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਤੋਂ ਇਲਾਵਾ 22 ਨਵੰਬਰ ਤੱਕ ਸੂਬੇ ਦੇ ਕੁਝ ਇਲਾਕਿਆਂ ਵਿੱਚ ਬੱਦਲਵਾਈ ਵੀ ਰਹਿ ਸਕਦੀ ਹੈ।
ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ, 7.2 ਡਿਗਰੀ ਦਰਜ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਸੂਬੇ ਵਿੱਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਫਰੀਦਕੋਟ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 28.6 ਡਿਗਰੀ ਸੈਲਸੀਅਸ ਰਿਹਾ। ਇਸ ਤਰ੍ਹਾਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 21.4 ਡਿਗਰੀ ਦਾ ਵੱਡਾ ਅੰਤਰ ਦਰਜ ਕੀਤਾ ਗਿਆ।ਇਸੇ ਤਰ੍ਹਾਂ ਲੁਧਿਆਣਾ ਅਤੇ ਬਠਿੰਡਾ ਵਿੱਚ ਵੀ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 20.6 ਡਿਗਰੀ ਸੈਲਸੀਅਸ ਦਾ ਅੰਤਰ ਦੇਖਣ ਨੂੰ ਮਿਲਿਆ।
ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਿਨ ਵੇਲੇ ਗਰਮੀ, ਰਾਤ ਨੂੰ ਠੰਢ
ਚੰਡੀਗੜ੍ਹ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਉੱਥੇ ਹੀ ਮੋਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ। ਇਸ ਕਾਰਨ ਦੁਪਹਿਰ ਸਮੇਂ ਮੌਸਮ ਗਰਮ ਰਹਿੰਦਾ ਹੈ, ਜਦਕਿ ਸਵੇਰੇ ਅਤੇ ਰਾਤ ਨੂੰ ਠੰਢ ਮਹਿਸੂਸ ਹੋ ਰਹੀ ਹੈ।
ਅਗਲੇ 2-3 ਦਿਨਾਂ ਵਿੱਚ 2 ਡਿਗਰੀ ਤੱਕ ਡਿੱਗ ਸਕਦਾ ਹੈ ਪਾਰਾ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਸਵੇਰ ਅਤੇ ਰਾਤ ਦੇ ਸਮੇਂ ਠੰਢ ਹੋਰ ਵਧਣ ਦੀ ਸੰਭਾਵਨਾ ਹੈ।ਉੱਤਰ-ਪੱਛਮੀ ਭਾਰਤ ਦੇ ਉੱਪਰੀ ਵਾਯੂਮੰਡਲ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਈ ਹੈ। ਹਾਲਾਂਕਿ ਇਸ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਲਿਆਉਣ ਦੀ ਸੰਭਾਵਨਾ ਨਹੀਂ ਹੈ। ਉੱਤਰੀ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
26 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕ
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਬਾਅਦ 26 ਨਵੰਬਰ ਤੱਕ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਧੁੰਦ ਦੇ ਮੱਦੇਨਜ਼ਰ ਸਵੇਰੇ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਅਤੇ ਹਾਈਵੇਅ ‘ਤੇ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਵਾਹਨ ਚਲਾਉਂਦੇ ਸਮੇਂ ਰਫ਼ਤਾਰ ਘੱਟ ਰੱਖੋ ਅਤੇ ਫੌਗ ਲਾਈਟਾਂ ਦੀ ਵਰਤੋਂ ਕਰੋ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਡਿੱਗਣ ਨਾਲ ਸਰਦੀ ਦਾ ਅਸਰ ਹੋਰ ਵਧ ਸਕਦਾ ਹੈ।
