Punjab Police News: ਪੰਜਾਬ ਪੁਲਿਸ ਨੂੰ ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਜ਼ੀਰਕਪੁਰ ਵਿੱਚ ਇੱਕ ਹੋਟਲ ‘ਤੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਤੇ ਮੁਲਜ਼ਮ ਵਿਚਾਲੇ ਹੋਈ ਸੰਖੇਪ ਗੋਲੀਬਾਰੀ ਦੌਰਾਨ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਕਾਰਵਾਈ ਦੌਰਾਨ ਉਸ ਦੀ ਇੱਕ ਮਹਿਲਾ ਸਾਥਣ ਨੂੰ ਵੀ ਕਾਬੂ ਕੀਤਾ ਗਿਆ ਹੈ।
ਜ਼ੀਰਕਪੁਰ ਦੇ ਹੋਟਲ ‘ਚ ਲੁਕਿਆ ਹੋਇਆ ਸੀ ਮੁੱਖ ਸ਼ੂਟਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ AGTF ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਦਾ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕਿਆ ਹੋਇਆ ਹੈ।
ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਹੋਟਲ ਦੀ ਘੇਰਾਬੰਦੀ ਕਰ ਲਈ। ਇਸ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਾਲੇ ਗੋਲੀਬਾਰੀ ਹੋਈ, ਜਿਸ ਵਿੱਚ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਹ ਜ਼ੇਰੇ ਇਲਾਜ ਹੈ।
ਚੰਡੀਗੜ੍ਹ, ਦਿੱਲੀ ਅਤੇ ਜੈਪੁਰ ਤੱਕ ਟਰੈਕ ਕਰ ਰਹੀ ਸੀ ਪੁਲਿਸ
ਡੀਜੀਪੀ ਗੌਰਵ ਯਾਦਵ ਮੁਤਾਬਕ ਏਐਸਆਈ ਇਕਬਾਲ ਸਿੰਘ ਦੇ ਕਤਲ ਤੋਂ ਬਾਅਦ AGTF ਦੀਆਂ ਟੀਮਾਂ ਨੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਸੀ।ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਦੀਆਂ ਗਤੀਵਿਧੀਆਂ ਨੂੰ ਚੰਡੀਗੜ੍ਹ, ਦਿੱਲੀ ਅਤੇ ਜੈਪੁਰ ਤੱਕ ਟਰੈਕ ਕੀਤਾ। ਇਸ ਤੋਂ ਬਾਅਦ ਪੁਲਿਸ ਨੂੰ ਉਸ ਦੇ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕੇ ਹੋਣ ਦੀ ਜਾਣਕਾਰੀ ਮਿਲੀ ਅਤੇ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
11 ਅਕਤੂਬਰ ਨੂੰ ਹੋਇਆ ਸੀ ASI ਇਕਬਾਲ ਸਿੰਘ ਦਾ ਕਤਲ
11 ਅਕਤੂਬਰ 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਏਐਸਆਈ ਇਕਬਾਲ ਸਿੰਘ ‘ਤੇ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਉਹ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਸਨ।ਇਸ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਨੂੰ ਪੁਲਿਸ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਇੱਕ ਹੋਰ ਮੁਲਜ਼ਮ ਦੀ ਹੋਈ ਪਛਾਣ, ਛਾਪੇਮਾਰੀ ਜਾਰੀ
AGTF ਦੇ ਸਪੈਸ਼ਲ ਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਵੀ ਪਛਾਣ ਕਰ ਲਈ ਗਈ ਹੈ। ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।ਇਸ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੈਪੀ ਬਾਹਮਣ ਦੀ ਮਹਿਲਾ ਸਾਥਣ ਦੀ ਭੂਮਿਕਾ ਅਤੇ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਕਤਲ ਸਬੰਧੀ ਥਾਣਾ ਸਰਹਾਲੀ, ਤਰਨਤਾਰਨ ਵਿਖੇ FIR ਨੰਬਰ 186 ਮਿਤੀ 11 ਅਕਤੂਬਰ 2026 ਨੂੰ ਦਰਜ ਕੀਤੀ ਗਈ ਸੀ। ਇਹ ਕੇਸ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਦਰਜ ਹੈ।
ਫਿਲਹਾਲ ਹੈਪੀ ਬਾਹਮਣ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹੁਣ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਏਐਸਆਈ ਇਕਬਾਲ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ।
