ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਰਹੇ। ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਵੀ ਗਏ ਹਨ।
1822 ਸਿੱਖ ਸ਼ਰਧਾਲੂਆਂ ਨੂੰ ਮਿਲੇ ਪਾਕਿਸਤਾਨ ਦੇ ਵੀਜ਼ੇ
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਕੁੱਲ 1822 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ‘ਤੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਾ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ।
ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੀਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂਧਾਮਾਂ ਦੇ ਦਰਸ਼ਨ ਕਰ ਸਕੇ।
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
ਜਥੇ ਦੀ ਰਵਾਨਗੀ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਵਿਛੜੇ ਹੋਏ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਅਰਦਾਸ ਹੈ ਕਿ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।
ਜਥਿਆਂ ਦੀ ਗਿਣਤੀ ਅਤੇ ਵੀਜ਼ਿਆਂ ਵਿੱਚ ਵਾਧਾ ਕਰਨ ਦੀ ਮੰਗ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਜਥਿਆਂ ਵਿੱਚ ਵੀ ਸ਼ਰਧਾਲੂਆਂ ਲਈ ਵੀਜ਼ਿਆਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਵਾਸਤੇ ਮੌਕੇ ‘ਤੇ ਵੀਜ਼ਾ ਦੇਣ ਦੀ ਸਹੂਲਤ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ, ਤਾਂ ਜੋ ਸੰਗਤਾਂ ਆਪਣੀ ਧਾਰਮਿਕ ਸ਼ਰਧਾ ਪੂਰੀ ਕਰ ਸਕਣ।
24 ਨਵੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਜਥਾ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ।ਇਸ ਤੋਂ ਇਲਾਵਾ ਸ਼ਰਧਾਲੂ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਵੀ ਕਰਨਗੇ। ਇਨ੍ਹਾਂ ਵਿੱਚ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸ਼ਾਮਲ ਹਨ। ਜਥੇ ਦੇ ਸ਼ਰਧਾਲੂ 1 ਦਸੰਬਰ ਨੂੰ ਭਾਰਤ ਵਾਪਸ ਪਰਤਣਗੇ।
ਅਰਦਾਸ ਮਗਰੋਂ ਸ਼ਰਧਾਲੂਆਂ ਨੂੰ ਦਿੱਤੇ ਸਿਰੋਪਾਓ
ਜਥੇ ਦੀ ਰਵਾਨਗੀ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਓਐੱਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ।
