ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਮੁੱਖ ਮਕਸਦ ਪੰਜਾਬ ਦਾ ਵਿਕਾਸ ਕਰਨਾ ਅਤੇ ਸੂਬੇ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਹੈ।
ਲੋਕਾਂ ਦੇ ਸੁਝਾਵਾਂ ਨਾਲ ਤਿਆਰ ਹੋਵੇਗਾ BJP ਦਾ ਮੈਨੀਫੈਸਟੋ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਆਪਣਾ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਪੰਜਾਬ ਦੇ ਲੋਕਾਂ ਤੋਂ ਸੁਝਾਅ ਲਏ ਜਾਣਗੇ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਲਈ ਫਾਰਮ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਲੋਕ ਆਪਣੀ ਰਾਏ ਅਤੇ ਸੁਝਾਅ ਪਾਰਟੀ ਤੱਕ ਪਹੁੰਚਾ ਸਕਣਗੇ।
ਇਸ ਤੋਂ ਇਲਾਵਾ ਲੋਕਾਂ ਦੇ ਸੁਝਾਅ ਲੈਣ ਲਈ ਵਟਸਐਪ ਨੰਬਰ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖ ਕੇ ਮੈਨੀਫੈਸਟੋ ਤਿਆਰ ਕਰੇਗੀ। ਉਨ੍ਹਾਂ ਇਸ ਨੂੰ ਲੋਕਾਂ ਦਾ ਮੈਨੀਫੈਸਟੋ ਦੱਸਿਆ।
ਕੋਈ ਸਹੂਲਤ ਨਹੀਂ ਹੋਵੇਗੀ ਬੰਦ, ਮਾਲੀਆ ਵਧਾਉਣ ‘ਤੇ ਰਹੇਗਾ ਜ਼ੋਰ
ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਵੀ ਤਰ੍ਹਾਂ ਦੀ ਲੋਕ ਭਲਾਈ ਸਹੂਲਤ ਬੰਦ ਨਹੀਂ ਕੀਤੀ ਜਾਵੇਗੀ। ਇਸ ਦੀ ਬਜਾਏ ਸਰਕਾਰ ਵੱਲੋਂ ਆਪਣਾ ਰੈਵੇਨਿਊ ਵਧਾਉਣ ਲਈ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਜਾਰੀ ਕੀਤੀਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਲਾਭ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚ ਰਿਹਾ। ਭਾਜਪਾ ਦਾ ਦਾਅਵਾ ਹੈ ਕਿ ਸਰਕਾਰ ਬਣਨ ‘ਤੇ ਇਨ੍ਹਾਂ ਸਾਰੀਆਂ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਵੱਡੇ ਉਦਯੋਗਿਕ ਯੂਨਿਟ ਲਗਾਉਣ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ‘ਤੇ ਧਿਆਨ ਦਿੱਤਾ ਜਾਵੇਗਾ।
ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ BJP
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਜਾ ਰਹੀ ਹੈ।ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਅਤੇ ਗਠਜੋੜ ਸਬੰਧੀ ਕੇਂਦਰੀ ਲੀਡਰਸ਼ਿਪ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਪਾਰਟੀ ਨੂੰ ਮਨਜ਼ੂਰ ਹੋਵੇਗਾ।
ਇਸ ਮੌਕੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਵੀ ਮੌਜੂਦ ਰਹੇ। ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ‘ਤੇ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਇਹ ਪਹਿਲ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਭਾਜਪਾ ਆਪਣੇ ਇਨ੍ਹਾਂ ਐਲਾਨਾਂ ਨੂੰ ਚੋਣ ਮੈਦਾਨ ਵਿੱਚ ਕਿਸ ਤਰ੍ਹਾਂ ਪੇਸ਼ ਕਰਦੀ ਹੈ।
