ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਫਰੀਦਕੋਟ ਵਿੱਚ ਰਿਕਾਰਡ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦਾ ਤਾਪਮਾਨ ਅਜੇ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ।
ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਛਾਏਗੀ ਸੰਘਣੀ ਧੁੰਦ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੇਰ ਰਾਤ ਹਲਕੀ ਤੋਂ ਦਰਮਿਆਨੀ ਧੁੰਦ ਵੀ ਪੈ ਸਕਦੀ ਹੈ। ਵਿਭਾਗ ਅਨੁਸਾਰ 28 ਨਵੰਬਰ ਤੱਕ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਧੁੰਦ ਦਾ ਅਸਰ ਬਣਿਆ ਰਹੇਗਾ। ਇਸ ਨੂੰ ਦੇਖਦਿਆਂ ਲੋਕਾਂ ਨੂੰ ਸਵੇਰੇ ਅਤੇ ਰਾਤ ਸਮੇਂ ਵਾਹਨ ਚਲਾਉਂਦੇ ਹੋਏ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਅਗਲੇ 5 ਦਿਨਾਂ ਵਿੱਚ 2 ਤੋਂ 3 ਡਿਗਰੀ ਡਿੱਗੇਗਾ ਪਾਰਾ
ਮੌਸਮ ਵਿਭਾਗ ਮੁਤਾਬਕ ਉੱਤਰੀ ਦਿਸ਼ਾ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਆਉਣ ਵਾਲੇ ਦਿਨਾਂ ਵਿੱਚ ਰਾਤ ਦੀ ਠੰਢ ਹੋਰ ਵਧ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।ਹਾਲਾਂਕਿ, ਫਿਲਹਾਲ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਦੇ ਸਮੇਂ ਵੀ ਕਈ ਥਾਵਾਂ ‘ਤੇ ਧੁੰਦ ਦੇਖਣ ਨੂੰ ਮਿਲ ਸਕਦੀ ਹੈ, ਖਾਸ ਕਰਕੇ ਖੁੱਲ੍ਹੇ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਜ਼ਿਆਦਾ ਰਹਿਣ ਦੀ ਉਮੀਦ ਹੈ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਫਿਲਹਾਲ ਸਵੇਰ ਤੋਂ ਮੌਸਮ ਸਾਫ਼ ਬਣਿਆ ਹੋਇਆ ਹੈ। ਇੱਥੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਤਾਪਮਾਨ ਆਮ ਦੇ ਕਰੀਬ ਹੈ।ਮੌਸਮ ਵਿਭਾਗ ਨੇ 26 ਅਤੇ 27 ਨਵੰਬਰ ਨੂੰ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਛਾਉਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤਾਂ ਠੰਢੀਆਂ ਹੋਣ ਲੱਗੀਆਂ ਹਨ, ਪਰ ਅਜੇ ਤੱਕ ਸੂਬੇ ਵਿੱਚ ਕੋਲਡ ਡੇ (ਸ਼ੀਤ ਦਿਵਸ) ਵਰਗੀ ਸਥਿਤੀ ਨਹੀਂ ਬਣੀ ਹੈ।ਮੌਸਮ ਵਿੱਚ ਇਸ ਬਦਲਾਅ ਦੇ ਵਿਚਕਾਰ ਅਲ ਨੀਨੋ ਦੇ ਪ੍ਰਭਾਵ ਕਾਰਨ ਪੱਛਮੀ ਗੜਬੜੀਆਂ ਵੀ ਉਮੀਦ ਮੁਤਾਬਕ ਸਰਗਰਮ ਨਹੀਂ ਹੋ ਰਹੀਆਂ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਜੇ ਤੱਕ ਸਖ਼ਤ ਸਰਦੀ ਦਾ ਦੌਰ ਸ਼ੁਰੂ ਨਹੀਂ ਹੋਇਆ।
