ਤੇਜ਼ ਰਫ਼ਤਾਰ ਟੈਂਕਰ ਬੇਕਾਬੂ ਹੋ ਕੇ ਹਾਈਵੇਅ ‘ਤੇ ਪਲਟਿਆ
ਜਾਣਕਾਰੀ ਮੁਤਾਬਕ ਇਹ ਹਾਦਸਾ ਕਾਹਿਰਾ ਦੇ ਇਮਬਾਬਾ ਉਪਨਗਰ ਦੇ ਵਾਰਾਕ ਇਲਾਕੇ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਨਾਲ ਆ ਰਿਹਾ ਤੇਲ ਟੈਂਕਰ ਅਚਾਨਕ ਬੇਕਾਬੂ ਹੋ ਗਿਆ ਅਤੇ ਹਾਈਵੇਅ ‘ਤੇ ਪਲਟ ਗਿਆ। ਇਸ ਤੋਂ ਬਾਅਦ ਟੈਂਕਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਅਤੇ ਅੱਗ ਦੀਆਂ ਲਪਟਾਂ ਨੇ ਆਲੇ-ਦੁਆਲੇ ਦੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਹਾਦਸੇ ਤੋਂ ਬਾਅਦ ਅਸਮਾਨ ਵਿੱਚ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਸੰਘਣਾ ਧੂੰਆਂ ਦਿਖਾਈ ਦੇਣ ਲੱਗਾ। ਘਟਨਾ ਦੀਆਂ ਸਾਹਮਣੇ ਆਈਆਂ ਵੀਡੀਓਜ਼ ਵਿੱਚ ਹਾਈਵੇਅ ‘ਤੇ ਕਈ ਵਾਹਨਾਂ ਨੂੰ ਅੱਗ ਨਾਲ ਸੜਦੇ ਦੇਖਿਆ ਜਾ ਸਕਦਾ ਹੈ।
39 ਐਂਬੂਲੈਂਸਾਂ ਨਾਲ ਚਲਾਇਆ ਗਿਆ ਬਚਾਅ ਕਾਰਜ
ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਗਈ। ਇਸ ਦੌਰਾਨ 39 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਜ਼ਖ਼ਮੀਆਂ ਨੂੰ ਜ਼ਾਇਦ ਸਪੈਸ਼ਲਾਈਜ਼ਡ, ਇਮਬਾਬਾ ਜਨਰਲ ਅਤੇ ਵਾਰਾਕ ਸੈਂਟਰਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਦੋ ਦਰਜਨ ਤੋਂ ਵੱਧ ਵਾਹਨ ਸੜ ਕੇ ਸੁਆਹ
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਸ ਭਿਆਨਕ ਅੱਗ ਵਿੱਚ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਸੜ ਕੇ ਨੁਕਸਾਨੇ ਗਏ। ਅੱਗ ਹਾਈਵੇਅ ਦੇ ਆਲੇ-ਦੁਆਲੇ ਤੇਜ਼ੀ ਨਾਲ ਫੈਲ ਗਈ ਸੀ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ।ਘਟਨਾ ਤੋਂ ਬਾਅਦ ਇਲਾਕੇ ਵਿੱਚ ਸੈਂਕੜੇ ਲੋਕ ਇਕੱਠੇ ਹੋ ਗਏ। ਬਚਾਅ ਕਰਮਚਾਰੀਆਂ ਨੇ ਸੜੇ ਹੋਏ ਵਾਹਨਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਮਿਸਰ ਦੇ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
ਇਸ ਦਰਦਨਾਕ ਹਾਦਸੇ ਤੋਂ ਬਾਅਦ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨੇ ਬਿਆਨ ਜਾਰੀ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਵੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਉੱਥੇ ਇੱਕ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ ਸੀ। ਲਗਾਤਾਰ ਸਾਹਮਣੇ ਆ ਰਹੇ ਅਜਿਹੇ ਹਾਦਸਿਆਂ ਨੇ ਸੜਕ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।
