ਦਰਅਸਲ, ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਕੀਤੀ ਗਈ ਸੀ। ਪਰ ਯੂਨੀਅਨ ਦੇ ਦਾਅਵੇ ਮੁਤਾਬਕ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ।ਇਸ ਗੱਲ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਿਵਲ ਸਕੱਤਰੇਤ ਵੀ ਪਹੁੰਚੇ ਸਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਗੰਭੀਰ ਪਹਿਲਕਦਮੀ ਨਹੀਂ ਕੀਤੀ ਗਈ।
ਕੰਪਨੀ ਨੇ ਮੁਲਾਜ਼ਮਾਂ ਨੂੰ ਭੇਜੀ ਈ-ਮੇਲ, ਨੌਕਰੀ ਜਾਣ ਦਾ ਖ਼ਤਰਾ
ਦੂਜੇ ਪਾਸੇ, ਹੜਤਾਲ ਦੇ ਐਲਾਨ ਤੋਂ ਬਾਅਦ ਬੀਤੀ ਰਾਤ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਚਿਤਾਵਨੀ ਦੇਣ ਦਾ ਦਾਅਵਾ ਵੀ ਕੀਤਾ ਗਿਆ ਹੈ। ਯੂਨੀਅਨ ਮੁਤਾਬਕ ਈ-ਮੇਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਮੁਲਾਜ਼ਮ ਡਿਊਟੀ ‘ਤੇ ਨਹੀਂ ਪਹੁੰਚਦੇ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।
ਹਾਲਾਂਕਿ, ਪੰਜਾਬ ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਜ਼ਮ ਅਜਿਹੀਆਂ ਚਿਤਾਵਨੀਆਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਯੂਨੀਅਨ ਵੱਲੋਂ ਅੱਜ ਤੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ 4 ਦਸੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਵੀ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਹੈ।ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਹੱਲ ਨਹੀਂ ਕੱਢਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਆਮ ਲੋਕਾਂ ਦੇ ਸਰਕਾਰੀ ਕੰਮਾਂ ‘ਤੇ ਪਵੇਗਾ ਅਸਰ
ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਬੰਦ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖ਼ਾਸ ਕਰਕੇ ਜਿਹੜੇ ਲੋਕਾਂ ਨੇ ਆਪਣੇ ਜ਼ਰੂਰੀ ਸਰਟੀਫਿਕੇਟ ਬਣਵਾਉਣੇ ਹਨ ਜਾਂ ਸਰਕਾਰੀ ਸੇਵਾਵਾਂ ਲਈ ਅਰਜ਼ੀਆਂ ਦੇਣੀਆਂ ਹਨ, ਉਨ੍ਹਾਂ ਦੇ ਕੰਮ ਵਿੱਚ ਦੇਰੀ ਹੋ ਸਕਦੀ ਹੈ।
