ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਦਸੂਹਾ ਦੇ ਬਲਗੜਾਂ ਚੌਕ ਵਿੱਚ ਲੋਕਾਂ ਨੇ ਗੋਲ਼ੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ। ਚਸ਼ਮਦੀਦਾਂ ਮੁਤਾਬਕ ਇੱਕ ਚਿੱਟੇ ਰੰਗ ਦੀ ਕਾਰ ਦੇ ਪਿੱਛੇ ਪੁਲਿਸ ਦੀ ਗੱਡੀ ਲੱਗੀ ਹੋਈ ਸੀ ਅਤੇ ਪੁਲਿਸ ਵੱਲੋਂ ਕਾਰ ਦਾ ਪਿੱਛਾ ਕਰਦਿਆਂ ਫਾਇਰਿੰਗ ਕੀਤੀ ਜਾ ਰਹੀ ਸੀ।ਦੱਸਿਆ ਜਾ ਰਿਹਾ ਹੈ ਕਿ ਕਰੀਬ 200 ਮੀਟਰ ਦੇ ਇਲਾਕੇ ਵਿੱਚ ਪੁਲਿਸ ਦੀ ਗੱਡੀ ਵਿੱਚੋਂ ਇੱਕ ਤੋਂ ਬਾਅਦ ਇੱਕ 6 ਗੋਲ਼ੀਆਂ ਚਲਾਈਆਂ ਗਈਆਂ। ਅਚਾਨਕ ਹੋਈ ਇਸ ਗੋਲੀਬਾਰੀ ਕਾਰਨ ਇਲਾਕੇ ਵਿੱਚ ਹਫੜਾ-ਦਫ਼ੜੀ ਮਚ ਗਈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਰਾਹ ਜਾਂਦਾ ਵਿਅਕਤੀ ਵੀ ਹੋਇਆ ਗੋਲੀ ਦਾ ਸ਼ਿਕਾਰ
ਇਸ ਗੋਲੀਬਾਰੀ ਦੌਰਾਨ ਇੱਕ ਆਮ ਰਾਹਗੀਰ ਵੀ ਜ਼ਖ਼ਮੀ ਹੋ ਗਿਆ। ਉਸ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਦੀ ਪਛਾਣ ਮੁਹੰਮਦ ਰਵੀ ਵਜੋਂ ਹੋਈ ਹੈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਕਾਰ ਨੇ 6 ਵਾਹਨਾਂ ਨੂੰ ਮਾਰੀ ਟੱਕਰ
ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਕਾਰ ਸਵਾਰ ਬਲਗੜਾਂ ਚੌਕ ਵਿੱਚ ਭੀੜ ਵਿੱਚ ਫਸ ਗਏ। ਇਸ ਦੌਰਾਨ ਚਿੱਟੀ ਕਾਰ ਨੇ ਕਰੀਬ 6 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਕਾਰਨ ਸੜਕ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।ਚੌਕ ਤੋਂ ਕਰੀਬ 200 ਮੀਟਰ ਅੱਗੇ ਪੁਲਿਸ ਨੇ ਕਾਰ ਨੂੰ ਘੇਰ ਲਿਆ। ਪਰ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਬਾਹਰ ਨਿਕਲ ਕੇ ਭੱਜਣ ਲੱਗੇ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਇੱਕ ਮੁਲਜ਼ਮ ਗ੍ਰਿਫ਼ਤਾਰ, ਤਿੰਨ ਹੋਏ ਫ਼ਰਾਰ
ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਤਿੰਨ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਹਾਲਾਂਕਿ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਤੇ ਫ਼ਰਾਰ ਹੋਏ ਲੋਕਾਂ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਪੁੱਛਗਿੱਛ ਤੋਂ ਬਾਅਦ ਸਾਹਮਣੇ ਆਵੇਗੀ ਪੂਰੀ ਜਾਣਕਾਰੀ
ਦਸੂਹਾ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਘਟਨਾ ਦੇ ਕਾਰਨਾਂ, ਗੋਲੀਬਾਰੀ ਅਤੇ ਫ਼ਰਾਰ ਹੋਏ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਦਸੂਹਾ ਵਿੱਚ ਦਿਨ-ਦਿਹਾੜੇ ਹੋਈ ਇਸ ਗੋਲੀਬਾਰੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਪੁਲਿਸ ਦੀ ਕਾਰਵਾਈ ਦੌਰਾਨ ਇੱਕ ਬੇਕਸੂਰ ਰਾਹਗੀਰ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਹੁਣ ਪੁਲਿਸ ਦੀ ਅਗਲੀ ਜਾਂਚ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਅਸਲੀਅਤ ਸਾਹਮਣੇ ਆਵੇਗੀ।
