‘ਨਾਰੀ ਸ਼ਕਤੀ ਦਾ ਵਾਅਦਾ ਪੂਰਾ ਕਰਕੇ ਰਹਾਂਗੇ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਬਿਆਨ ਕੇਂਦਰੀ ਕੈਬਨਿਟ ਵੱਲੋਂ ਮਹਿਲਾ ਰਾਖਵਾਂਕਰਨ ਲਾਗੂ ਕਰਨ ਨਾਲ ਜੁੜੇ ਨਵੇਂ ਵਿਧਾਨਕ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਸਾਹਮਣੇ ਆਇਆ ਹੈ।
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੰਸਦ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਔਰਤਾਂ ਦੀ ਵਧੇਰੇ ਭਾਗੀਦਾਰੀ ਦੀ ਮੰਗ ਕਈ ਦਹਾਕਿਆਂ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀਆਂ ਕਈ ਔਰਤਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਅਤੇ ਨਿੱਜੀ ਤੌਰ ‘ਤੇ ਮਿਲ ਕੇ ਇਸ ਮੁੱਦੇ ਨੂੰ ਚੁੱਕਿਆ ਹੈ।ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਆਪਣੇ ਉਦੇਸ਼ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
ਹੱਦਬੰਦੀ ਨਾਲ ਜੁੜਿਆ ਹੈ ਮਹਿਲਾ ਰਾਖਵਾਂਕਰਨ ਬਿੱਲ
ਦਰਅਸਲ, ਮਹਿਲਾ ਰਾਖਵਾਂਕਰਨ ਬਿੱਲ ਨੂੰ ਲਾਗੂ ਕਰਨ ਲਈ ਹੱਦਬੰਦੀ ਦੀ ਪ੍ਰਕਿਰਿਆ ਅਹਿਮ ਮੰਨੀ ਜਾ ਰਹੀ ਹੈ। ਕੇਂਦਰੀ ਕੈਬਨਿਟ ਨੇ ਇਸ ਸਬੰਧੀ ਨਵੇਂ ਵਿਧਾਨਕ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ।ਇਨ੍ਹਾਂ ਵਿੱਚ ਸੰਵਿਧਾਨ (132ਵਾਂ ਸੋਧ) ਬਿੱਲ, 2026 ਅਤੇ ਹੱਦਬੰਦੀ (ਦੂਜਾ) ਬਿੱਲ, 2026 ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸੰਵਿਧਾਨ ਦਾ 106ਵਾਂ ਸੋਧ ਐਕਟ, 2023 ਔਰਤਾਂ ਲਈ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਇੱਕ ਤਿਹਾਈ ਯਾਨੀ 33 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕਰਦਾ ਹੈ। ਹਾਲਾਂਕਿ, ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਜਨਗਣਨਾ ਦੇ ਅੰਕੜਿਆਂ ਅਤੇ ਹੱਦਬੰਦੀ ਨਾਲ ਜੋੜੀ ਗਈ ਸੀ।
ਲੋਕ ਸਭਾ ਦੀਆਂ ਸੀਟਾਂ 850 ਤੱਕ ਵਧਾਉਣ ਦਾ ਪ੍ਰਸਤਾਵ
ਸਰਕਾਰ ਦੇ ਨਵੇਂ ਪ੍ਰਸਤਾਵਾਂ ਤਹਿਤ ਲੋਕ ਸਭਾ ਦੀ ਵੱਧ ਤੋਂ ਵੱਧ ਸਮਰੱਥਾ 850 ਸੀਟਾਂ ਤੱਕ ਕਰਨ ਦੀ ਯੋਜਨਾ ਹੈ। ਇਸ ਵਿੱਚ ਸੂਬਿਆਂ ਲਈ 815 ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ 35 ਸੀਟਾਂ ਦਾ ਪ੍ਰਸਤਾਵ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਸੂਬਾਈ ਵਿਧਾਨ ਸਭਾਵਾਂ ਦੀ ਵੱਧ ਤੋਂ ਵੱਧ ਸਮਰੱਥਾ ਵੀ 650 ਸੀਟਾਂ ਤੱਕ ਵਧਾਉਣ ਦੀ ਤਜਵੀਜ਼ ਹੈ। ਇਸ ਤਰ੍ਹਾਂ ਹੱਦਬੰਦੀ ਤੋਂ ਬਾਅਦ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਦੱਖਣੀ ਸੂਬਿਆਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਕੋਸ਼ਿਸ਼
ਹੱਦਬੰਦੀ ਨੂੰ ਲੈ ਕੇ ਦੱਖਣੀ ਭਾਰਤ ਦੇ ਕਈ ਸੂਬਿਆਂ ਵੱਲੋਂ ਚਿੰਤਾ ਜਤਾਈ ਜਾਂਦੀ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਬਾਦੀ ਦੇ ਆਧਾਰ ‘ਤੇ ਸੀਟਾਂ ਦੀ ਨਵੀਂ ਵੰਡ ਹੋਣ ਨਾਲ ਉਨ੍ਹਾਂ ਦੀ ਸੰਸਦ ਵਿੱਚ ਪ੍ਰਤੀਨਿਧਤਾ ਘਟ ਸਕਦੀ ਹੈ।ਇਸੇ ਚਿੰਤਾ ਨੂੰ ਧਿਆਨ ਵਿੱਚ ਰੱਖਦਿਆਂ ਸੋਧੇ ਹੋਏ ਪ੍ਰਸਤਾਵ ਵਿੱਚ ਸਾਲ 2051 ਤੱਕ ਸੂਬਿਆਂ ਵਿਚਕਾਰ ਲੋਕ ਸਭਾ ਸੀਟਾਂ ਦੀ ਮੌਜੂਦਾ ਅਨੁਪਾਤਕ ਵੰਡ ਨੂੰ ਬਰਕਰਾਰ ਰੱਖਣ ਦੀ ਤਜਵੀਜ਼ ਵੀ ਸ਼ਾਮਲ ਕੀਤੀ ਗਈ ਹੈ।
ਪਹਿਲਾਂ ਵੀ ਲੋਕ ਸਭਾ ਵਿੱਚ ਡਿੱਗ ਚੁੱਕਾ ਹੈ ਬਿੱਲ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਲੋਕ ਸਭਾ ਵਿੱਚ ਸੰਵਿਧਾਨ ਸੋਧ ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਬਿੱਲ ਨੂੰ ਲੋੜੀਂਦਾ ਦੋ-ਤਿਹਾਈ ਬਹੁਮਤ ਨਹੀਂ ਮਿਲ ਸਕਿਆ ਸੀ।ਵੋਟਿੰਗ ਦੌਰਾਨ ਬਿੱਲ ਦੇ ਹੱਕ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ ਸਨ। ਇਸ ਤਰ੍ਹਾਂ ਬਿੱਲ ਪਾਸ ਨਹੀਂ ਹੋ ਸਕਿਆ।ਹੁਣ ਕੇਂਦਰੀ ਕੈਬਨਿਟ ਵੱਲੋਂ ਨਵੇਂ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਵਾਰ ਫਿਰ ਮਹਿਲਾ ਰਾਖਵਾਂਕਰਨ ਦਾ ਮੁੱਦਾ ਚਰਚਾ ਵਿੱਚ ਆ ਗਿਆ ਹੈ।
ਹੁਣ ਦੇਖਣਾ ਹੋਵੇਗਾ ਕਿ ਸਰਕਾਰ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਸੰਸਦ ਵਿੱਚ ਕਦੋਂ ਪੇਸ਼ ਕਰਦੀ ਹੈ ਅਤੇ ਦੇਸ਼ ਦੀਆਂ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਵਾਅਦਾ ਕਦੋਂ ਹਕੀਕਤ ਬਣਦਾ ਹੈ।
